Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ।

 

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖ ਨੇ ਅੰਨ੍ਹੇਵਾਹ ਰੁੱਖ ਵੱਢ ਕੇ ਕੁਦਰਤ ਨਾਲ ਵੱਡਾ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਇਸ ਗਲਤੀ ਕਰਕੇ ਅਸੀਂ ਦੇਸ਼ ਭਰ ਵਿੱਚ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਾਂ ਅਤੇ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਇਸ ਦਾ ਇਕੋ-ਇਕ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪੋ-ਆਪਣੇ ਖੇਤਾਂ ਵਿੱਚ ਘੱਟੋ-ਘੱਟ ਚਾਰ ਬੂਟੇ ਲਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਬਾਰੇ ਕਾਨੂੰਨ ਵੀ ਬਣਾਇਆ ਜਾ ਸਕਦਾ ਹੈ।





 

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ।

 

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਉਤੇ ਚੱਲਣਾ ਚਾਹੀਦਾ ਹੈ ਤਾਂ ਕਿ ਸੂਬੇ ਦੇ ਵਾਤਾਵਰਣ ਨੂੰ ਬਚਾ ਕੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਵਾਤਾਵਰਣ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ ਜਿਸ ਕਰਕੇ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇ।