(Source: ECI/ABP News)
ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ, ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ
ਪਾਣੀ ਦੇ ਤੇਜ਼ੀ ਨਾਲ ਘਟਦੇ ਪੱਧਰ ਕਾਰਨ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ ਉਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਪਗ ਸਾਰੇ ਬਲਾਕ ‘ਡਾਰਕ ਜ਼ੋਨ’ ਵਿੱਚ ਹਨ।
![ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ, ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ CM Mann calls for people's movement to save water and environment of Punjab, pays homage to Sant Avtar Singh ji at Seechewal ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ, ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ](https://feeds.abplive.com/onecms/images/uploaded-images/2022/05/27/4659c0034a727e1666f01129c7988c3f_original.jpeg?impolicy=abp_cdn&imwidth=1200&height=675)
ਸੀਚੇਵਾਲ /ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ।ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਭਾਗ ਲੈਣ ਪੁੱਜੇ ਮੁੱਖ ਮੰਤਰੀ ਨੇ ਸੂਬੇ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕੋ-ਇਕ ਦੁਰਲੱਭ ਤੇ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਫੌਰੀ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਕੱਲੀ ਸਰਕਾਰ ਇਹ ਕੰਮ ਨਹੀਂ ਕਰ ਸਕਦੀ, ਸਗੋਂ ਲੋਕਾਂ ਦੀ ਭਾਈਵਾਲੀ ਲਾਜ਼ਮੀ ਹੈ ਤਾਂ ਜੋ ਖ਼ਾਸ ਤੌਰ ਉਤੇ ਆਲਮੀ ਤਪਸ ਦੇ ਮੱਦੇਨਜ਼ਰ ਇਸ ਸਰੋਤ ਦੀ ਅਹਿਮੀਅਤ ਬਾਰੇ ਜਾਣੂੰ ਕਰਵਾਉਣ ਲਈ ਵਿਆਪਕ ਲੋਕ ਲਹਿਰ ਬਣਾਈ ਜਾਵੇ।
ਪਾਣੀ ਦੇ ਤੇਜ਼ੀ ਨਾਲ ਘਟਦੇ ਪੱਧਰ ਕਾਰਨ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ ਉਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਪਗ ਸਾਰੇ ਬਲਾਕ ‘ਡਾਰਕ ਜ਼ੋਨ’ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਦੁਬਈ ਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਣ ਵਾਲੀਆਂ ਮੋਟਰਾਂ ਦੀ ਹੁਣ ਪੰਜਾਬ ਵਿੱਚ ਧਰਤੀ ਹੇਠੋਂ ਪਾਣੀ ਕੱਢਣ ਲਈ ਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਾਪਰਵਾਹੀ ਵਾਲੇ ਰੁਝਾਨ ਨੂੰ ਫੌਰੀ ਰੋਕਣ ਦੀ ਲੋੜ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਪਾਣੀ ਲਈ ਤਰਸਣ ਲਈ ਮਜਬੂਰ ਨਾ ਹੋਣ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਪਣੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਇਆ ਅਤੇ ਧਰਤੀ ਉਪਰਲੇ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਲੁਆਈ ਲਈ ਵਿੱਤੀ ਸਹਾਇਤਾ ਦੇਣ ਦੀ ਸਕੀਮ ਸ਼ੁਰੂ ਕੀਤੀ ਹੈ, ਜਿਸ ਕਾਰਨ ਸੂਬੇ ਵਿੱਚ 20 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਹੈ, ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਧਿਆਨ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਹਟਾਉਣ ਲਈ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਇਕ ਹੋਰ ਪਹਿਲਕਦਮੀ ਕੀਤੀ ਹੈ ਤਾਂ ਕਿ ਫਸਲੀ ਵਿਭਿੰਨਤਾ ਰਾਹੀਂ ਪਾਣੀ ਦੀ ਬੱਚਤ ਹੋਵੇ।
ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਤੇ ਪ੍ਰਦੂਸ਼ਣ ਮੁਕਤ ਕਰਨ ਅਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੁੱਕੇ ਮੁੱਦੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਤੋਂ ਗਾਦ ਹਟਾਉਣ ਦਾ ਮਸਲਾ ਉਹ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਪੁਲ ਹੇਠਾਂ ਗਾਦ ਜਮ੍ਹਾਂ ਹੋਣ ਕਾਰਨ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਆਉਂਦੇ ਹੜ੍ਹ ਲੋਕਾਂ ਦੇ ਜਾਨ ਤੇ ਮਾਲ ਲਈ ਵੱਡਾ ਖ਼ਤਰਾ ਬਣ ਰਹੇ ਹਨ।
ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਅਸੀਂ ਇਨ੍ਹਾਂ ਤਿੰਨਾਂ ਨੂੰ ਹੀ ਪਲੀਤ ਕਰਕੇ ਆਪਣੇ ਗੁਰੂਆਂ ਨੂੰ ਧੋਖਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਲਾਜ਼ਮੀ ਤੌਰ ਉਤੇ ਆਪਣੇ ਜੀਵਨ ਵਿੱਚ ਅਪਣਾਈਏ।
ਸੰਤ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪਾਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਤ ਅਵਤਾਰ ਸਿੰਘ ਜੀ ਮਹਾਨ ਧਾਰਮਿਕ ਆਗੂ ਤੇ ਸਮਾਜ ਸੁਧਾਰਕ ਸਨ। ਭਗਵੰਤ ਮਾਨ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।
ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਲਾਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਜੀ ਨੇ ਆਪਣੇ ਸਮਰਪਣ ਤੇ ਵਚਨਬੱਧਤਾ ਰਾਹੀਂ ਵਾਤਾਵਰਨ ਬਚਾਉਣ ਲਈ ਇਕ ਨਵੀਂ ਕ੍ਰਾਂਤੀ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਰਹਿੰਦੇ ਸਮਿਆਂ ਤੱਕ ਸਾਡੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਭਗਵੰਤ ਮਾਨ ਨੇ ਸੰਤ ਸੀਚੇਵਾਲ ਨੂੰ ਇਸੇ ਮਿਸ਼ਨਰੀ ਭਾਵਨਾ ਨਾਲ ਇਹ ਮਹਾਨ ਕਾਰਜ ਜਾਰੀ ਰੱਖਣ ਦੀ ਅਪੀਲ ਕੀਤੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)