Punjab News: ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ।
ਮੁੱਖ ਮੰਤਰੀ ਨੇ ਵਿਰੋਧੀਆਂ ਵੱਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਅਲੋਚਨਾ ਬਾਰੇ ਵਿਅੰਗ ਕਰਦਿਆਂ ਕਿਹਾ, “ਅਸਲ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸ ਵਿੱਚ ਸਾਂਝ-ਭਿਆਲੀ ਸੀ ਜੋ ਵਾਰੋ-ਵਾਰੀ ਸੱਤਾ ਦਾ ਸੁਖ ਮਾਣਦੇ ਸਨ ਪਰ ਏਨਾ ਨੂੰ ਇਹ ਨਹੀਂ ਸੀ ਪਤਾ ਕਿ ਸੂਬੇ ਵਿੱਚ ਤੀਜੀ ਧਿਰ ਵੀ ਆ ਸਕਦੀ ਹੈ। ਹੁਣ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਹੁਣ ਜਦੋਂ ਸਰਕਾਰ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲੈ ਰਹੀ ਹੈ ਤਾਂ ਬੁਖਲਾਹਟ ਵਿੱਚ ਆ ਕੇ ਵਿਰੋਧੀ ਨੇਤਾ ਬਿਨਾਂ ਵਜ੍ਹਾ ਨਿੰਦਿਆਂ ਕਰਨੀ ਸ਼ੁਰੂ ਕਰ ਦਿੰਦੇ ਹਨ। ਮੈਂ ਇਨ੍ਹਾਂ ਲੋਕਾਂ ਦੀ ਭੋਰਾ ਵੀ ਪ੍ਰਵਾਹ ਨਹੀਂ ਕਰਦਾ ਕਿਉਂਕਿ ਮੇਰਾ ਮਕਸਦ ਸਿਰਫ ਤੇ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ।”
ਮੁੱਖ ਮੰਤਰੀ ਨੇ ਅਕਾਲੀ ਨੇਤਾ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ, ਅਤੇ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੇ ਨਲਾਇਕ ਸਿਆਸਤਦਾਨ ਦੱਸਦਿਆਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ ਇਨ੍ਹਾਂ ਲੀਡਰਾਂ ਨੂੰ ਸਵਾਲਾਂ ਦੇ ਜਵਾਬ ਵੀ ਦੱਸ ਦੇਣ ਤਾਂ ਵੀ ਉਹ ਉੱਤਰ ਸਹੀ ਨਹੀਂ ਲਿਖ ਸਕਦੇ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ 117 ਵਿਧਾਨ ਸਭਾ ਹਲਕਿਆਂ ਵਿੱਚੋਂ 92 ਵਿਧਾਇਕ ਆਮ ਆਦਮੀ ਪਾਰਟੀ ਦੇ ਜਿੱਤ ਕੇ ਆਏ ਹਨ ਜੋ ਸਧਾਰਨ ਘਰਾਂ ਨਾਲ ਸਬੰਧ ਰੱਖਦੇ ਹਨ। ਇਨ੍ਹਾਂ 92 ਵਿਧਾਇਕਾਂ ਵਿੱਚੋਂ ਉਨ੍ਹਾਂ ਸਮੇਤ 82 ਵਿਧਾਇਕ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿਚ ਲੋਕ ਸੇਵਾ ਪ੍ਰਤੀ ਸਮਰਪਣ ਭਾਵਨਾ ਨੂੰ ਯੋਗਤਾ ਮੰਨਿਆ ਜਾਂਦਾ ਹੈ ਜਦਕਿ ਵਿਰੋਧੀ ਪਾਰਟੀਆਂ ਵਿਚ ਪਰਿਵਾਰਵਾਦ ਤੇ ਨਿੱਜਪ੍ਰਸਤੀ ਨੂੰ ਤਰਜੀਹ ਦਿੱਤੀ ਜਾਂਦੀ ਹੈ