Punjab News: CM ਮਾਨ ਨੇ ਸੂਬੇ ਨੂੰ ਵੱਧ ਰਾਜਨੀਤਿਕ ਤੇ ਵਿੱਤੀ ਸ਼ਕਤੀਆਂ ਦੇਣ ਦੀ ਕੀਤੀ ਮੰਗ
ਮੁਲਕ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਲੋੜ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਆਸੀ ਪਰਿਪੇਖ ਵਿੱਚ ਇਹ ਗੱਲ ਮਹਿਸੂਸ ਕੀਤੀ ਜਾ ਰਹੀ ਹੈ ਕਿ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਰਾਜਨੀਤਕ ਸ਼ਕਤੀ ਦਿੱਤੀਆਂ ਜਾਣ

Punjab News: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਤਰੀ ਜ਼ੋਨਲ ਕੌਂਸਲ ਸਾਡੇ ਆਰਥਿਕ ਵਿਕਾਸ ਲਈ ਅੰਤਰਰਾਜੀ ਸਹਿਯੋਗ ਦੇ ਪੱਧਰ ਨੂੰ ਵਧਾਉਣ ਲਈ ਇਹ ਬਹੁਤ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦੇ ਹਿੱਤ ਵਿੱਚ ਹੈ ਕਿ ਅਸੀਂ ਇਕੱਠੇ ਬੈਠੀਏ ਅਤੇ ਇਸ ਖਿੱਤੇ, ਜਿਹੜਾ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਹੋਣ ਕਾਰਨ ਹਮੇਸ਼ਾ ਨੁਕਸਾਨ ਵਿੱਚ ਰਿਹਾ ਹੈ, ਦੇ ਸਮਾਜਿਕ-ਆਰਥਿਕ ਵਿਕਾਸ ਦੀਆਂ ਬਿਹਤਰੀਨ ਸੰਭਾਵਨਾਵਾਂ ਲੱਭੀਏ।
ਮੁਲਕ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਲੋੜ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਆਸੀ ਪਰਿਪੇਖ ਵਿੱਚ ਇਹ ਗੱਲ ਮਹਿਸੂਸ ਕੀਤੀ ਜਾ ਰਹੀ ਹੈ ਕਿ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਰਾਜਨੀਤਕ ਸ਼ਕਤੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਪੱਖ ਉਤੇ ਸਾਰੇ ਇਕਮਤ ਹਨ ਕਿ ਸਿਆਸੀ ਪਾਰਟੀਆਂ ਦੀਆਂ ਵਲਗਣਾਂ ਤੋਂ ਉੱਪਰ ਉੱਠ ਕਿ ਸੂਬਾ ਸਰਕਾਰਾਂ ਨੂੰ ਆਪਣੀਆਂ ਵਿਕਾਸ ਤਰਜੀਹਾਂ ਦੀ ਚੋਣ ਅਤੇ ਮਾਲੀਏ ਲਈ ਕੰਮ ਕਰਨ ਵਾਸਤੇ ਜ਼ਿਆਦਾ ਖੁੱਲ੍ਹ ਦੇਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸੰਘਵਾਦ ਸਾਡੇ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਵਿੱਚੋਂ ਇਕ ਹੈ ਪਰ ਬਦਕਿਸਮਤੀ ਨਾਲ ਪਿਛਲੇ 75 ਸਾਲਾਂ ਵਿੱਚ ਇਸ ਅਧਿਕਾਰ ਦੇ ਕੇਂਦਰੀਕਰਨ ਦਾ ਰੁਝਾਨ ਹਾਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਗੱਲ ਹਰ ਕੋਈ ਜਾਣਦਾ ਹੈ ਕਿ ਆਧੁਨਿਕ ਯੁੱਗ ਵਿੱਚ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਕਰਨ ਲਈ ਸੂਬਾ ਸਰਕਾਰਾਂ ਜ਼ਿਆਦਾ ਬਿਹਤਰ ਸਥਿਤੀ ਵਿੱਚ ਹਨ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















