Punjab News: CM ਮਾਨ ਨੇ ਕਿਸਾਨਾਂ ਨੂੰ ਦਿੱਤੀ ਖ਼ੁਸ਼ਖ਼ਬਰੀ ! ਝੋਨੇ ਦੀ ਫ਼ਸਲ ਵੇਲੇ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਮਿਲੇਗੀ ਬਿਜਲੀ
ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਵੀ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਦਿਨ ਦੇ ਸਮੇਂ ਬਿਨਾਂ ਕੱਟਾਂ ਦੇ ਲਗਾਤਾਰ ਬਿਜਲੀ ਮਿਲੇਗੀ ਕਿਉਂਕਿ ਹੁਣ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਹੁਣ ਪੰਜਾਬ ਦੂਜੇ ਸੂਬਿਆਂ ਨੂੰ ਬਿਜਲੀ ਵੇਚਦਾ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਮੈਂ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਅਤੇ ਕਿਹਾ ਕਿ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਨਾਂ ਕਿਸੇ ਕੱਟ ਤੋਂ ਲਗਾਤਾਰ ਬਿਜਲੀ ਸਪਲਾਈ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਦਾ ਸਮਾਂ ਅਤੇ ਊਰਜਾ ਬਰਬਾਦ ਨਾ ਹੋਵੇ।
ਇਸ ਦੇ ਨਾਲ ਹੀ ਅਸੀਂ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਵੀ ਦਿਨ-ਰਾਤ ਕੰਮ ਕਰ ਰਹੇ ਹਾਂ। ਅਸੀਂ ਪੰਜਾਬ ਦੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤਾ ਹੈ। ਜਦੋਂ ਮੈਂ ਮਾਰਚ 2022 ਵਿੱਚ ਮੁੱਖ ਮੰਤਰੀ ਬਣਿਆ ਸੀ ਤਾਂ ਸਿਰਫ਼ 21 ਫ਼ੀਸਦੀ ਹੀ ਖੇਤਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ। ਅਕਤੂਬਰ ਤੱਕ 70 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਸ ਪੈਸੇ ਨਾਲ ਅਸੀਂ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਵਾਂਗੇ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਲਈ ਹੈ।
ਮਾਨ ਨੇ ਪੰਜਾਬ ਦੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਕ ਬੇਨਤੀ 'ਤੇ 33 ਫ਼ੀਸਦੀ ਕਿਸਾਨਾਂ ਨੇ ਪੂਸਾ-44 ਜਿਸ ਨੂੰ ਤਿਆਰ ਹੋਣ ਵਿਚ 150 ਦਿਨ ਤੋਂ ਵੱਧ ਸਮਾਂ ਲੱਗਦਾ ਹੈ, ਦੀ ਬਜਾਏ ਪੀ.ਆਰ.-126, ਪੀ.ਆਰ.-127, ਪੀ.ਆਰ.-128 ਆਦਿ ਦੀ ਖੇਤੀ ਕੀਤੀ, ਜਿਸ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 5 ਬਿਲੀਅਨ ਕਿਉਸਿਕ ਪਾਣੀ ਦੀ ਬੱਚਤ ਹੋਈ।
ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਦਿਨ ਦੇ ਸਮੇਂ ਬਿਨਾਂ ਕੱਟਾਂ ਦੇ ਲਗਾਤਾਰ ਬਿਜਲੀ ਮਿਲੇਗੀ ਕਿਉਂਕਿ ਹੁਣ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਹੁਣ ਪੰਜਾਬ ਦੂਜੇ ਸੂਬਿਆਂ ਨੂੰ ਬਿਜਲੀ ਵੇਚਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਸੀਂ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ ਅਤੇ ਝਾਰਖੰਡ ਵਿੱਚ ਆਪਣੀ ਕੋਲੇ ਦੀ ਖਾਣ ਨੂੰ ਮੁੜ ਚਾਲੂ ਕੀਤਾ ਹੈ।