Amritsar Blast Update: ਭਾਜਪਾ ਨੇ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਸਥਿਤ ਠਾਕੁਰਦੁਆਰਾ ਮੰਦਰ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਵੱਲੋਂ ਕੀਤੇ ਗਏ ਗ੍ਰਨੇਡ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਤੇ ਕੇਂਦਰੀ ਏਜੰਸੀਆਂ ਤੋਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।

Continues below advertisement


ਭਾਜਪਾ ਨੇ ਇਹ ਵੀ ਕਿਹਾ ਕਿ ਇਹ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਦੀ ਚੇਤਾਵਨੀ ਹੈ। ਸੂਬੇ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਬਜਾਏ, 'ਆਪ' ਸਰਕਾਰ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਨ ਵਿੱਚ ਰੁੱਝੀ ਹੋਈ ਹੈ। ਅਸੀਂ ਸੀਬੀਆਈ ਨੂੰ ਪੂਰੇ ਮਾਮਲੇ ਦੀ ਜਾਂਚ ਕਰਨ ਦੀ ਬੇਨਤੀ ਕਰਾਂਗੇ।



ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਹੋਲੀ ਦੇ ਪਵਿੱਤਰ ਤਿਉਹਾਰ 'ਤੇ ਮੰਦਰ 'ਤੇ ਹੋਇਆ ਗ੍ਰਨੇਡ ਹਮਲਾ ਨਿੰਦਣਯੋਗ ਹੈ। ਹਮਲੇ ਦੀ ਸਾਜ਼ਿਸ਼ ਕਾਇਰਤਾਪੂਰਨ ਹੈ। ਇਸ ਘਟਨਾ ਨੂੰ ਇੱਕ ਚੇਤਾਵਨੀ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਪੰਜਾਬ ਦੀ ਪੂਰੀ ਫੋਰਸ ਕੇਜਰੀਵਾਲ ਦੀ ਸੁਰੱਖਿਆ ਵਿੱਚ ਲੱਗੀ ਹੋਈ ਹੈ। ਦੂਜੇ ਪਾਸੇ ਮੰਦਰ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ।


ਇਸ ਘਟਨਾ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਗੇ ਕਿਹਾ- ਮੈਂ ਮੁੱਖ ਮੰਤਰੀ ਭਗਵੰਤ ਮਾਨ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਇਸ ਘਟਨਾ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਈ ਜਾਵੇ।


ਇਸ ਦੇ ਨਾਲ ਹੀ ਪੰਜਾਬ ਦੀ ਬਹਾਦਰ ਪੁਲਿਸ ਦੇ ਹੱਥ ਵੀ ਖੁੱਲ੍ਹੇ ਰੱਖੇ ਜਾਣੇ ਚਾਹੀਦੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਪੁਲਿਸ ਦੇ ਹੱਥ ਬੰਨ੍ਹ ਦਿੱਤੇ ਹਨ। ਅਜਿਹੀਆਂ ਘਟਨਾਵਾਂ ਹਰ ਰੋਜ਼ ਵਾਪਰ ਰਹੀਆਂ ਹਨ।



ਜ਼ਿਕਰ ਕਰ ਦਈਏ ਕਿ ਹੋਲੀ ਦੀ ਰਾਤ ਨੂੰ ਦੋ ਬਾਈਕ ਸਵਾਰ ਨੌਜਵਾਨਾਂ ਨੇ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਠਾਕੁਰਦੁਆਰਾ ਮੰਦਰ 'ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਮੌਕੇ 'ਤੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ 'ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਜਿਹੇ ਹਮਲਿਆਂ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦਾ ਹੱਥ ਹੈ। ਹੁਣ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।