Punjab News: ਫ਼ਸਲ ਦੇ ਖ਼ਰਾਬੇ ਤੋਂ ਬਾਅਦ ਐਕਸ਼ਨ ਵਿੱਚ CM ਮਾਨ, ਕਿਸਾਨਾਂ ਦੇ ਇੱਕ-ਇੱਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ
ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।
Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਿਰਦਾਵਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਮਿਲੇ, ਜਿਨ੍ਹਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ 95100 ਰੁਪਏ ਜਦਕਿ ਜਿਨ੍ਹਾਂ ਦੇ ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ, ਨੂੰ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਰਿਪੋਰਟ ਸੌਂਪਣ। ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।