CM Mann Meeting with Ministerial Services Union: ਪੰਜਾਬ ਸਰਕਾਰ ਲਈ ਸਭ ਤੋਂ ਵੱਡੀ ਚੁਣੌਤੀ ਬਣੇ ਸਰਕਾਰੀ ਮੁਲਾਜ਼ਮ ਜੋ ਆਪਣੇ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਹਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਦੀਆਂ ਮੰਗਾਂ ਨੂੰ ਸੁਨਣਗੇ। ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਮੀਟਿੰਗ ਲਈ ਬੁਲਾਇਆ ਹੈ। ਸੀਐਮਓ ਨੇ ਡੀਸੀ, ਐਸਐਸਪੀਜ਼ ਨੂੰ ਮੀਟਿੰਗ ਲਈ ਨਿਰਦੇਸ਼ ਜਾਰੀ ਕੀਤੇ ਹਨ। 


ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਦਰਸ਼ਨਕਾਰੀ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਨਾਲ ਅੱਜ ਯਾਨੀ 18 ਦਸੰਬਰ 2023 ਨੂੰ ਦੁਪਹਿਰ 12:30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਦੇ ਵਧੀਕ ਪੀਐਸ ਹਿਮਾਂਸ਼ੂ ਜੈਨ ਨੇ ਸਾਰੇ ਡਿਪਟੀ ਕਮਿਸ਼ਨਰਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਉਪਰੋਕਤ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਯੂਨੀਅਨ ਮੈਂਬਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ। ਦਰਅਸਲ ਹੜਤਾਲ ਕਾਰਨ ਠੱਪ ਪਏ ਕੰਮਕਾਜ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ।



ਦਰਅਸਲ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਸਮੁੱਚੇ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮ ਚੱਲ ਰਹੀ ਕਲਮ ਛੋੜ ਹੜਤਾਲ ਦੌਰਾਨ ਸਮੂਹਿਕ ਛੁੱਟੀ ’ਤੇ ਚਲੇ ਜਾਂਦੇ ਹਨ। ਇਸ ਲਈ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਵਿੱਚ ਸਮੁੱਚਾ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰਹਿੰਦਾ ਹੈ। ਹੜਤਾਲ ਕਾਰਨ ਠੱਪ ਪਏ ਕੰਮਕਾਜ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ। 



ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਨੁਜ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਤੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮ ਮੰਗਾਂ ਪ੍ਰਤੀ ਅੜੀਅਲ ਵਤੀਰਾ ਅਪਣਾਇਆ ਹੋਇਆ ਹੈ। ਸਰਕਾਰ ਨੂੰ ਨਾ ਤਾਂ ਮੁਲਾਜ਼ਮ ਮੰਗਾਂ ਤੇ ਹੜਤਾਲ ਦੀ ਕੋਈ ਪ੍ਰਵਾਹ ਹੈ ਤੇ ਨਾ ਹੀ ਰੋਜ਼ਾਨਾ ਦਫ਼ਤਰਾਂ ਵਿੱਚ ਖੱਜਲ ਖੁਆਰ ਹੋ ਰਹੇ ਲੋਕਾਂ ਦੀ ਕੋਈ ਚਿੰਤਾ ਹੈ। 


ਉਨ੍ਹਾਂ ਕਿਹਾ ਕਿ ਕੈਬਨਿਟ ਸਬ ਕਮੇਟੀ ਨਾਲ ਯੂਨੀਅਨ ਦੀ ਸੂਬਾ ਕਮੇਟੀ ਨਾਲ ਕਈ ਦਿਨ ਪਹਿਲਾਂ ਮੀਟਿੰਗ ਹੋਈ ਸੀ ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਤਿੰਨ ਕੈਬਨਿਟ ਮੰਤਰੀ ਸ਼ਾਮਲ ਸਨ ਪਰ ਕੈਬਨਿਟ ਸਬ ਕਮੇਟੀ ਦਾ ਵਤੀਰਾ ਵੀ ਨਾਂਹ-ਪੱਖੀ ਰਿਹਾ ਹੈ। ਮੀਟਿੰਗ ਦੌਰਾਨ ਸਿਰਫ਼ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਾਉਣ ਦੇ ਭਰੋਸੇ ਤੋਂ ਸਿਵਾਏ ਮੰਗਾਂ ਨੂੰ ਹੱਲ ਕਰਨ ਲਈ ਕੋਈ ਹੁੰਗਾਰਾ ਨਹੀਂ ਭਰਿਆ ਗਿਆ।