Punjab News: ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (PB 11 DB-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ ਜਿਸ 'ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਤੇ ਉਸ ਦੀ ਮਾਂ ਵੀ ਸ਼ਾਮਲ ਹੈ। ਇੱਕ ਅਪਾਹਜ ਵਿਅਕਤੀ, ਜੋ ਕਿ ਹਰਿਆਣਾ ਦਾ ਰਹਿਣ ਵਾਲਾ ਸੀ, ਦੀ ਵੀ ਮੌਤ ਹੋ ਗਈ ਹੈ। ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ, ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।
ਜ਼ਿਕਰ ਕਰ ਦਈਏ ਕਿ ਇਹ ਹਾਦਸਾ ਪਿੰਡ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ। ਬੱਸ ਸਰਦੂਲਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ NDRF ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬੱਸ ਵਿੱਚ ਸਵਾਰ ਯਾਤਰੀਆਂ ਦਾ ਕਹਿਣਾ ਹੈ ਕਿ ਡਰਾਈਵਰ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਉਦੋਂ ਹੀ ਸਾਹਮਣੇ ਤੋਂ ਇੱਕ ਵੱਡੀ ਟਰਾਲੀ ਆਈ। ਇਸ ਤੋਂ ਬਚਣ ਲਈ ਬੱਸ ਨੇ ਮੋੜ ਲੈ ਲਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।