ਮੂਸਲਾਧਾਰ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿੱਚ ਹਾਲਾਤ ਹੋਰ ਵੀ ਖ਼ਰਾਬ ਹੋ ਗਏ ਹਨ। ਸੂਬੇ ਵਿੱਚ ਹੜ੍ਹਾਂ ਦੇ ਪਾਣੀ ਨੇ ਕਹਿਰ ਮਚਾ ਰੱਖਿਆ ਹੈ। ਹਜ਼ਾਰਾਂ ਏਕੜ ਜ਼ਮੀਨ, ਫਸਲਾਂ ਅਤੇ ਦਰਿਆਵਾਂ ਦੇ ਕਿਨਾਰੇ ਵੱਸਦੇ ਪਿੰਡ ਪਾਣੀ ਵਿੱਚ ਡੁੱਬ ਚੁੱਕੇ ਹਨ। ਸੜਕਾਂ ਬਹਿ ਜਾਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਸੜਕਾਂ ਤੇ ਪੁਲ ਢਹਿ ਚੁੱਕੇ ਹਨ। ਸੜਕ ਆਵਾਜਾਈ ਦੇ ਨਾਲ ਰੇਲ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਲੋਕ ਆਪਣੀ ਜਾਨ ਬਚਾਉਣ ਲਈ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ। ਲੋਕਾਂ ਨੂੰ ਬਚਾਉਣ ਲਈ ਫੌਜ ਦੀ ਮਦਦ ਲਈ ਗਈ ਹੈ। ਇਸ ਵਿਚਾਲੇ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਹੁਣ ਉਨ੍ਹਾਂ ਵੱਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਲਈ ਵੱਡਾ ਐਲਾਨ ਕਰ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਸਣੇ ਸਾਰੇ ਮੰਤਰੀ ਦੇਣਗੇ ਇੱਕ ਮਹੀਨੇ ਦੀ ਤਨਖਾਹ
ਪੰਜਾਬ ਦੇ ਵਿੱਚ ਹੜ੍ਹਾਂ ਦੀ ਮਾਰ ਨੂੰ ਦੇਖਦਿਆਂ ਮੁੱਖ ਮੰਤਰੀ ਭਗਵਾਨ ਮਾਨ ਅਤੇ ਸੂਬੇ ਦੇ ਸਾਰੇ ਵਿਧਾਇਕਾਂ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵਾਨ ਮਾਨ ਨੇ ਇਸ ਸਬੰਧੀ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਕਈ ਪਿੰਡਾਂ ਵਿੱਚ ਮੀਂਹ ਤੇ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ। ਪਾਣੀ ਨਾਲ ਘਿਰੇ ਘਰਾਂ ਵਿੱਚ ਫਸੇ ਕਈ ਲੋਕਾਂ ਦਾ ਪ੍ਰਸ਼ਾਸਨ ਅਤੇ ਐਨਡੀਆਰਐਫ-ਐਸਡੀਆਰਐਫ ਟੀਮਾਂ ਵਲੋਂ ਰੈਸਕਿਊ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਬਹੁਤ ਸਾਰੇ ਲੋਕਾਂ ਨੂੰ ਤਾਂ ਏਅਰਲਿਫਟ ਵੀ ਕੀਤਾ ਗਿਆ। ਖੁਦ CM ਮਾਨ ਨੇ ਹੜ੍ਹ ਪ੍ਰਭਾਵਿਤਾਂ ਲੋਕਾਂ ਦੀ ਮਦਦ ਲਈ ਹੈਲੀਕਾਪਟਰ ਸਮਰਪਿਤ ਕੀਤਾ ਹੈ।