CM Mann Rakhi gift to all sisters: ਪੰਜਾਬ ਵਿੱਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਪੰਜਾਬ ਸਰਕਾਰ ਨੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਾਰੇ ਮੁਲਾਜ਼ਮਾਂ ਅਤੇ ਵਰਕਰਾਂ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਰਿਕਾਰਡ ਗਿਣਤੀ ਨੌਕਰੀਆਂ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਦੇ ਨਕਸ਼ ਘੜਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਮੁੱਖ ਮੰਤਰੀ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਨਵਾੜੀ ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਪਹਿਲਕਦਮੀਆਂ ਕਰੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਰੱਖੜੀ ਦੇ ਤਿਉਹਾਰ ਮੌਕੇ ਆਂਗਨਵਾੜੀ ਵਰਕਰਾਂ ਨਾਲ ਸਾਂਝ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜਕੀਆਂ ਨੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜ ਦੀ ਬਿਹਤਰੀ ਲਈ ਧੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਧੀਆਂ ਨੂੰ 'ਕੁੜੀਆਂ-ਚਿੜੀਆਂ' ਕਿਹਾ ਜਾਂਦਾ ਸੀ ਪਰ ਹੁਣ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਨਾਲ ਲੜਕੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਅਸਲ 'ਚ 'ਸ਼ੇਰਨੀਆਂ' ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੜਕੀਆਂ ਲਈ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਜੇ ਲੜਕੀਆਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਜ਼ਿੰਦਗੀ ਦੇ ਕਿਸੇ ਵੀ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਦੀਆਂ ਹਨ।