ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਐਕਸ਼ਨ ਮੋਡ ਦੇ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਆਚਨਕ ਹੀ ਪਿੰਡਾਂ ਵਿੱਚ ਬਣ ਰਹੀਆਂ ਸੰਪਰਕ ਸੜਕਾਂ ਦੀ ਗੁਣਵੱਤਾ ਦੀ ਜਾਂਚ ਕਰ ਲਈ, ਗੜਬੜ ਨੂੰ ਦੇਖਦਿਆਂ ਤੁਰੰਤ ਕਾਰਵਾਈ ਦੇ ਆਦੇਸ਼ ਦੇ ਦਿੱਤੇ ਗਏ।। ਇੱਕ ਪਾਸੇ ਉਨ੍ਹਾਂ ਨੇ ਠੇਕੇਦਾਰ ਦੀ ਕਲਾਸ ਲਗਾਈ, ਉੱਥੇ ਹੀ ਸਰਕਾਰ ਵੱਲੋਂ ਉਸਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕਰਵਾਇਆ ਗਿਆ ਹੈ।
ਕਾਫਲਾ ਰੋਕ, ਸੜਕ ਦੀ ਚੈੱਕ ਕੀਤੀ ਗੁਣਵੱਤਾ
ਮੁੱਖ ਮੰਤਰੀ ਮਾਨ ਜਦੋਂ ਚੰਡੀਗੜ੍ਹ ਜਾ ਰਹੇ ਸਨ, ਤਾਂ ਉਨ੍ਹਾਂ ਨੇ ਬਣ ਰਹੀ ਸੜਕ ਦੀ ਗੁਣਵੱਤਾ ਚੈੱਕ ਕਰਨ ਲਈ ਆਪਣਾ ਕਾਫ਼ਲਾ ਰੁਕਵਾਇਆ। ਮੌਕੇ ‘ਤੇ ਹੀ ਉਨ੍ਹਾਂ ਨੇ ਸੜਕ ‘ਤੇ ਪਾਈ ਗਈ ਲੁੱਕ ਨੂੰ ਖੁਦਵਾਇਆ ਅਤੇ ਖੁਦ ਜਾਂਚ ਕੀਤੀ। ਇਸ ਦੌਰਾਨ ਸੜਕ ਬਣਾਉਣ ਵਾਲਾ ਠੇਕੇਦਾਰ ਵੀ ਮੌਜੂਦ ਸੀ।
ਗੁਣਵੱਤਾ ਦੀ ਜਾਂਚ ਕਰਵਾਈ ਜਾਵੇ
ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਸੜਕਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੜਕ ਨੂੰ ਕਿਸੇ ਵੀ ਥਾਂ ਤੋਂ ਉਖਾੜ ਕੇ ਗੁਣਵੱਤਾ ਦੀ ਜਾਂਚ ਕੀਤੀ ਜਾ ਸਕਦੀ ਹੈ। ਮੌਕੇ ‘ਤੇ ਹੀ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਠੇਕੇਦਾਰ ਵੱਲੋਂ ਜਿੱਥੇ-ਜਿੱਥੇ ਹੋਰ ਸੜਕਾਂ ਬਣਾਈਆਂ ਗਈਆਂ ਹਨ, ਉੱਥੇ ਵੀ ਸੜਕਾਂ ਦੀ ਗੁਣਵੱਤਾ ਦੀ ਜਾਂਚ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤੈਅ ਕੀਤੇ ਗਏ ਮਾਪਦੰਡਾਂ ਦੀ ਉਲੰਘਣਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਠੇਕੇਦਾਰ ਦੀ ਪੇਮੈਂਟ ਰੋਕ ਦਿੱਤੀ ਗਈ ਹੈ ਅਤੇ ਭਵਿੱਖ ਵਿੱਚ ਇਸ ਠੇਕੇਦਾਰ ਨੂੰ ਕੋਈ ਵੀ ਹੋਰ ਕੰਮ ਨਹੀਂ ਦਿੱਤਾ ਜਾਵੇਗਾ।
ਸੀਐੱਮ ਮਾਨ ਨੇ ਸਪਸ਼ਟ ਕੀਤਾ ਕਿ ਸਰਕਾਰ ਸੜਕਾਂ ਬਣਾਉਣ ਦੇ ਬਦਲੇ ਕਿਸੇ ਵੀ ਠੇਕੇਦਾਰ ਤੋਂ ਕੋਈ ਰਿਸ਼ਵਤ ਨਹੀਂ ਮੰਗ ਰਹੀ। ਉਨ੍ਹਾਂ ਕਿਹਾ ਕਿ ਕੁਝ ਠੇਕੇਦਾਰਾਂ ਨੂੰ ਪੁਰਾਣੀਆਂ ਆਦਤਾਂ ਪਈਆਂ ਹੋਈਆਂ ਹਨ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇ ਸੜਕ ਨਿਰਮਾਣ ਵਿੱਚ ਘੱਟ ਮਟੀਰੀਅਲ ਵਰਤਿਆ ਗਿਆ ਹੈ ਤਾਂ ਉਸਨੂੰ ਤੁਰੰਤ ਠੀਕ ਕੀਤਾ ਜਾਵੇ, ਨਹੀਂ ਤਾਂ ਉਹ ਪੰਜਾਬ ਭਰ ਵਿੱਚ ਸੜਕਾਂ ਦੀ ਗੁਣਵੱਤਾ ਦੀ ਜਾਂਚ ਕਰਵਾਉਣਗੇ।