Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ਉਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ, ਜਿਸ ਲਈ ਸੂਬਾ ਸਰਕਾਰ ਹਰ ਹਰਬਾ ਵਰਤੇਗੀ। ਉਨ੍ਹਾਂ ਨਵੇਂ ਚੁਣੇ ਪੰਚਾਂ ਨੂੰ ਪਿੰਡ ਵਾਸੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ‘ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਨਵੇਂ ਕਦਮ ਚੁੱਕਣ ਲਈ ਆਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਜਮਹੂਰੀ ਢਾਂਚੇ ਦੀ ਨੀਂਹ ਹੁੰਦੀਆਂ ਹਨ ਅਤੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਾ ਇਕ ਇਤਿਹਾਸਕ ਮੌਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਚਾਂ ਨੂੰ ਲੋਕਾਂ ਨੇ ਚੁਣਿਆ ਹੈ ਅਤੇ ਅੱਜ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਅਜਿਹੇ ਸਮਾਰੋਹ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ 10031 ਨਵੇਂ ਚੁਣੇ ਸਰਪੰਚਾਂ ਨੂੰ ਲੁਧਿਆਣਾ ਵਿਖੇ 8 ਨਵੰਬਰ ਨੂੰ ਹੋਏ ਸਮਾਰੋਹ ਦੌਰਾਨ ਅਹੁਦੇ ਦੀ ਸਹੁੰ ਚੁਕਾਈ ਗਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣਿਆ ਜਾਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਸ ਤੋਂ ਪਤਾ ਲੱਗਦਾ ਹੈ ਕਿ ਉਸ ਆਗੂ ਪ੍ਰਤੀ ਲੋਕਾਂ ਵਿੱਚ ਕਿੰਨਾ ਵਿਸ਼ਵਾਸ ਤੇ ਸੱਚਾਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ, ਜੋ ਲੋਕਾਂ ਵੱਲੋਂ ਇਨ੍ਹਾਂ ਆਗੂਆਂ ਉੱਤੇ ਪਾਈ ਜਾਂਦੀ ਹੈ ਕਿਉਂਕਿ ਇਹ ਲੋਕਾਂ ਦੀ ਬਹੁਤ ਵੱਡੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੇਂਡੂ ਲਾਇਬ੍ਰੇਰੀਆਂ ਦੀ ਸਥਾਪਨਾ ਕਰ ਰਹੀ ਹੈ, ਜੋ ਕਿ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਇਸ ਮਿਸਾਲੀ ਪਹਿਲਕਦਮੀ ਦਾ ਮੰਤਵ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਅਜਿਹੀਆਂ ਹੋਰ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮਤੇ ਪਾਸ ਕਰਨੇ ਚਾਹੀਦੇ ਹਨ ਕਿਉਂਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਸਹਾਈ ਹੋਣਗੀਆਂ ਅਤੇ ਨੌਕਰਸ਼ਾਹ, ਵਿਗਿਆਨੀ, ਡਾਕਟਰ, ਤਕਨੀਸ਼ੀਅਨ ਅਤੇ ਹੋਰ ਕਾਬਲ ਵਿਅਕਤੀ ਪੈਦਾ ਕਰਨਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ ਪਰ ਇਕ ਵਾਰ ਚੁਣੀਆਂ ਗਈਆਂ ਪੰਚਾਇਤਾਂ ਪੂਰੇ ਪਿੰਡ ਦੀਆਂ ਸਾਂਝੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਚਾਂ ਨੂੰ ਪਿੰਡ ਦੇ ਹਰ ਵਸਨੀਕ ਨਾਲ ਬਰਾਬਰ ਵਿਹਾਰ ਕਰਨਾ ਚਾਹੀਦਾ ਹੈ ਅਤੇ ਨਿਰਪੱਖਤਾ ਨਾਲ ਫੈਸਲੇ ਲੈਣੇ ਚਾਹੀਦੇ ਹਨ ਅਤੇ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਪੰਚਾਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫ਼ੈਸਲੇ ਪੂਰੇ ਜਨਤਕ ਮਸ਼ਵਰੇ ਨਾਲ ਲੈਣ ਲਈ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੇ ਇਜਲਾਸ ਸੱਦਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਸਬੰਧੀ ਫ਼ੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣ ਤਾਂ ਜੋ ਫ਼ੰਡਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਪੰਚਾਇਤਾਂ ਆਪਣਾ ਫ਼ਰਜ਼ ਬਾਖ਼ੂਬੀ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਨੁਹਾਰ ਬਦਲ ਸਕਦੀਆਂ ਹਨ।