Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਮਨਰੇਗਾ ਸਕੀਮ ਤਹਿਤ ਦਿੱਤੀ ਜਾਂਦੀ ਦਿਹਾੜੀ ਵਧਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਗਿਰੀਰਾਜ ਸਿੰਘ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਦਿਹਾੜੀ ਦੀ ਰਾਸ਼ੀ ਵਧਾ ਕੇ 381 ਰੁਪਏ ਕਰਨ ਦੀ ਮੰਗ ਕੀਤੀ ਹੈ।






ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰੀਬ 21 ਦਿਨ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ ਮਨਰੇਗਾ ਸਕੀਮ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮਨਰੇਗਾ ਬਜਟ ਵਿੱਚ ਵਾਧੇ ਨੂੰ ਲੈ ਕੇ ਸੀ.ਐਮ ਮਾਨ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕੀਤੀ ਗਈ। ਉਨ੍ਹਾਂ ਵੱਲੋਂ ਇਸ ਗੱਲ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਕਿਸ ਤਰ੍ਹਾਂ ਮਨਰੇਗਾ ਦੇ ਮਜ਼ਦੂਰਾਂ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਖਾਸ ਕਰਕੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਵਿੱਚ ਲਗਾਇਆ ਜਾਵੇ।


ਮਨਰੇਗਾ ਸਕੀਮ ਦੇ ਬਜਟ ਵਿੱਚ ਕੀਤੀ ਕਟੌਤੀ


ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਕਟੌਤੀ ਕੀਤੀ ਗਈ ਸੀ। ਲੋਕਾਂ ਨੇ ਇਸ ਖਿਲਾਫ ਗੁੱਸਾ ਜ਼ਾਹਰ ਕੀਤਾ ਸੀ। ਹਾਜੀਪੁਰ ਇਕਾਈ ਦੀ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਹੇਠ ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਬਜਟ ਵਿਚ ਕੀਤੀ ਕਟੌਤੀ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ |


ਮਨਰੇਗਾ ਬਜਟ ਵਿੱਚ ਤੀਹ ਫੀਸਦੀ ਕਟੌਤੀ


ਨੌਜਵਾਨ ਆਗੂ ਧਰਮਿੰਦਰ ਸਿੰਘ ਸਿੰਬਲੀ ਅਨੁਸਾਰ ਕੇਂਦਰ ਨੇ ਮਨਰੇਗਾ ਲਈ 60 ਕਰੋੜ ਰੁਪਏ ਰੱਖੇ ਹਨ। ਜਦੋਂ ਕਿ ਪਿਛਲੇ ਬਜਟ ਵਿੱਚ ਇਹ ਰਕਮ 89 ਕਰੋੜ ਰੁਪਏ ਸੀ। ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿੱਚ 30 ਫੀਸਦੀ ਕਟੌਤੀ ਕਰਨ ਨਾਲ ਮਜ਼ਦੂਰਾਂ ਦਾ ਰੁਜ਼ਗਾਰ ਘੱਟ ਹੋਣ ਦੀ ਗੱਲ ਕਹੀ ਗਈ ਹੈ। ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।