ਚੰਡੀਗੜ੍ਹ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਸ ਦੇ ਸਾਥੀ ਮੰਤਰੀਆਂ ਉੱਤੇ ਹੜ੍ਹਾਂ ਦੀ ਨਾਜ਼ੁਕ ਸਥਿਤੀ ਨੂੰ ਆਪਣੀ ਬੱਲੇ-ਬੱਲੇ ਕਰਾਉਣ ਲਈ ਵਰਤਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਹੜ੍ਹਾਂ ਉੱਤੇ ਵੀ ਸੌੜੀ ਰਾਜਨੀਤੀ ਕਰਨ ਵਿੱਚ ਐਨੇ ਰੁੱਝੇ ਹੋਏ ਹਨ ਕਿ ਨੁਕਸਾਨ ਦੇ ਅੰਦਾਜ਼ਾ ਲਾਉਣ ਅਤੇ ਮੁਆਵਜ਼ਾ ਦੇ ਬਾਰੇ ਕੋਈ ਨਿਰਦੇਸ਼ ਜਾਰੀ ਕਰਨਾ ਹੀ ਭੁੱਲ ਗਏ ਹਨ। ਉਹਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ, ਨੁਕਸਾਨ ਦਾ ਜਾਇਜ਼ਾ ਲੈਣ ਅਤੇ ਤੁਰੰਤ ਮੁਆਵਜ਼ਾ ਦੇਣ ਨੂੰ ਯਕੀਨੀ ਬਣਾਉਣ।


ਸਿੱਧੂ ਨੇ ਕਿਹਾ ਕਿ ਹਾਲਾਤ ਇਹ ਹੋਏ ਪਏ ਹਨ ਕਿ ਮੁੱਖ ਮੰਤਰੀ ਕੋਲ ਮਾਨਸਾ ਜ਼ਿਲੇ ਨਾਲ ਲਗਦੇ ਹਰਿਆਣਾ ਦੇ ਚਾਂਦਪੁਰਾ ਬੰਨ ਵਿਚ ਤਿੰਨ ਦਿਨ ਪਹਿਲਾਂ ਪਏ ਘੱਗਰ ਵਿਚਲੇ ਪਾੜ ਨੂੰ ਪੂਰਨ ਲਈ ਹਰਿਆਣਾ ਦੇ ਅਧਿਕਾਰੀਆਂ ਵਲੋਂ ਪਾਏ ਜਾ ਰਹੇ ਅੜਿਕੇ ਦੇ ਮਾਮਲੇ ਨੂੰ ਹਰਿਆਣਾ ਸਰਕਾਰ ਕੋਲ ਉਠਾਉਣ ਦਾ ਸਮਾਂ ਵੀ ਨਹੀਂ ਹੈ। ਉਹਨਾਂ ਕਿਹਾ ਕਿ ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਡਰਾਉਣੇ ਹਾਲਾਤ ਪੈਦਾ ਹੋ ਗਏ ਹਨ ਕਿਉਂਕਿ ਇੱਕ ਹਫ਼ਤੇ ਤੋਂ ਵੱਧ ਸਮੇਂ ਲਈ ਜਨਜੀਵਨ ਠੱਪ ਹੈ, ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਇਲਾਵਾ ਹੋਰ ਬੀਮਾਰੀਆਂ ਫੈਲ ਰਹੀਆਂ ਹਨ, ਪਰ ਹੜਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ ।


ਭਾਜਪਾ ਆਗੂ ਨੇ ਕਿਹਾ ਕਿ ਇਹਨਾਂ ਹੜਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਭਗਵੰਤ ਮਾਨ ਸਰਕਾਰ ਅਜਿਹੇ ਨਾਜ਼ੁਕ ਹਾਲਾਤਾਂ ਨੂੰ ਸੰਭਾਲਣ ਲਈ ਅਸਮਰੱਥ ਹੈ ਅਤੇ ਉਹ ਖੁਦ ਤੇ ਉਹਨਾਂ ਦੇ ਸਾਥੀ ਮੰਤਰੀ ਸਿਰਫ ਦੂਜਿਆਂ 'ਤੇ ਦੋਸ਼ ਮੜ੍ਹਣ ਜੋਕਰੇ ਹੀ ਹਨ। ਉਹਨਾਂ ਕਿਹਾ ਕਿ ਦੋਸ਼ਾਂ ਦੀ ਅਜਿਹੀ ਹੀ ਖੇਡ ਉਸ ਦੇ ਸਿਆਸੀ ਮਾਲਕ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਚ ਖੇਡੀ ਜਾ ਰਹੀ ਹੈ ਜਿਥੇ ਵੀ ਹੜ੍ਹ ਪੀੜਤਾਂ ਨੂੰ ਕੋਈ ਸਹਾਇਤਾ ਨਹੀਂ ਮਿਲੀ। ਸਿੱਧੂ ਨੇ ਭਗਵੰਤ ਮਾਨ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਹੈ ਕਿ ਉਹ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਭੀਖ ਨਹੀਂ ਮੰਗਣਗੇ। ਉਹਨਾਂ ਕਿਹਾ ਕਿ ਕੇਂਦਰੀ ਸਹਾਇਤਾ ਤੋਂ ਬਿਨਾਂ ਪੰਜਾਬ ਮੌਜੂਦਾ ਸਥਿਤੀ 'ਤੇ ਕਾਬੂ ਨਹੀਂ ਪਾ ਸਕਦਾ ਕਿਉਂਕਿ ਪੰਜਾਬ ਪਹਿਲਾਂ ਹੀ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਨਿੱਜੀ ਰੰਜਿਸ਼ਾਂ ਦੀ ਬਜਾਏ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਹਮੇਸ਼ਾ ਮੁੱਖ ਰੱਖਣਾ ਚਾਹੀਦਾ ਹੈ।


ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੜਾਂ ਦੀ ਸਥਿਤੀ ਉਤੇ ਕਾਬੂ ਪਾਉਣ ਲਈ ਲੋੜੀਂਦੀਆਂ ਸ਼ਰਤਾਂ ਵਿੱਚ ਛੋਟ ਦੇ ਕੇ 218.40 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ, ਸਗੋਂ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਅਤੇ ਪੀੜਤਾਂ ਸੀ ਸਹਾਇਤਾ ਲਈ ਜੰਗੀ ਪੱਧਰ 'ਤੇ ਯਤਨ ਕਰਨ ਦੀ ਲੋੜ ਹੈ। ਉਹਨਾਂ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਵਲੋਂ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਧਮਕੀਆਂ ਦੇਣ ਵਾਲੀਆਂ ਵੀਡੀਓ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਸਤੀ ਸ਼ੋਹਰਤ ਹਾਸਲ ਕਰਨ ਲਈ ਕੀਤੀ ਜਾ ਰਹੀ ਬਹੁਤ ਹੀ ਅਹਿਮਕਾਨਾ ਅਤੇ ਬੇਮਤਲਬੀ ਕਾਰਵਾਈ।