ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।


ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਲਾਤ ਉਤੇ ਪਲ-ਪਲ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਬਾਕਾਇਦਾ ਰਿਪੋਰਟ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਪਾਣੀ ਦੇ ਪੱਧਰ ਬਾਰੇ ਸੂਬੇ ਭਰ ਵਿੱਚ ਜ਼ਿਲ੍ਹਾ ਪ੍ਰਸ਼ਾਸਨਾਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।



ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਬੈਠੇ ਆਖ਼ਰੀ ਵਿਅਕਤੀ ਤੱਕ ਰਾਹਤ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਪੁੱਜਣੀ ਯਕੀਨੀ ਬਣਾਉਣ ਉਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਚਲਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।



ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਗ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਬੁੱਧਵਾਰ ਸ਼ਾਮ ਤੱਕ ਸੂਬੇ ਵਿੱਚ ਹਾਲਾਤ ਵਿੱਚ ਸੁਧਾਰ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਤੇ ਅਫ਼ਸਰ ਪਹਿਲਾਂ ਹੀ ਆਪੋ-ਆਪਣੇ ਕਾਰਜ ਖ਼ੇਤਰਾਂ ਵਿੱਚ ਤਾਇਨਾਤ ਹਨ ਅਤੇ ਸੰਕਟ ਦੀ ਇਸ ਘੜੀ ਵਿੱਚ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।



ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਪੱਧਰ ਨੂੰ ਦੇਖਦਿਆਂ ਲੋਕਾਂ ਦੇ ਜਾਨ ਤੇ ਮਾਲ ਦੀ ਰਾਖੀ ਕਰਨ ਲਈ ਮਸ਼ੀਨਰੀ ਦਾ ਵਿਆਪਕ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਵਿੱਚ ਲੋਕਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਤੇ ਅਧਿਕਾਰੀ ਨੀਵੇਂ ਤੇ ਹੜ੍ਹਾਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਕਿ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਜਾਵੇ।