Punjab News: ਪੰਜਾਬ ਸਰਕਾਰ ਦਾ ਵੱਡਾ ਦਾਅਵਾ: ਪਹਿਲੇ ਸਾਲ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਦਿੱਤੀਆਂ ਇੰਨੀਆਂ ਸਰਕਾਰੀ ਨੌਕਰੀਆਂ
Punjab government jobs: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 29936 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 29936 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਹਨ।
ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ 252 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਰਹੇ ਹਨ, ਜੋ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਭਰਤੀ ਮੁਹਿੰਮ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਚਲਾਈ ਜਾ ਰਹੀ ਹੈ ਅਤੇ ਸਿਰਫ਼ ਯੋਗ ਤੇ ਲੋੜਵੰਦ ਉਮੀਦਵਾਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਹੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨਾ ਤਾਂ ਕੋਈ ਸਿਫਾਰਿਸ਼ ਅਤੇ ਨਾ ਹੀ ਕੋਈ ਤਰਕੀਬ ਕੰਮ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਆਮ ਆਦਮੀ ਦੀ ਹਾਲਤ ਨੂੰ ਸਮਝਦੇ ਹਨ, ਉਨ੍ਹਾਂ ਨੇ ਹਾਲ ਹੀ ਵਿੱਚ ਉਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ, ਜੋ ਲੰਬੇ ਸਮੇਂ ਤੋਂ ਆਪਣੀ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਨੇ ਉਸ ਨੂੰ ਆਪਣੀ ਪਰੇਸ਼ਾਨੀ ਅਤੇ ਉਸ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਰਾਜ ਸਰਕਾਰਾਂ ਦੀ ਨਾਂਹ-ਪੱਖੀ ਪਹੁੰਚ ਕਾਰਨ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਆਲੀਸ਼ਾਨ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਰਾਜਨੀਤਿਕ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ-ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਕਾਰੇ ਹੋਏ ਆਗੂ ਉਨ੍ਹਾਂ ਵਿਰੁੱਧ ਨਵੇਂ ਗਠਜੋੜ ਬਣਾ ਰਹੇ ਹਨ ਜਾਂ ਪੁਰਾਣੇ ਗਠਜੋੜ ਬਹਾਲ ਕਰਨ ਲਈ ਜੋੜ-ਤੋੜ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗਠਜੋੜਾਂ ਦਾ ਇੱਕੋ-ਇੱਕ ਮਨੋਰਥ ਕਿਸੇ ਵੀ ਢੰਗ ਨਾਲ ਸੂਬੇ ਦੀ ਸਿਆਸੀ ਸੱਤਾ ਹਥਿਆਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਦੇ ਉਲਟ ਉਹ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਆਪਣੇ ਅਹੁਦੇ ਦੀ ਵਰਤੋਂ ਜਨਤਾ ਦੀ ਸੇਵਾ ਲਈ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਹਵਾਈ ਪੱਟੀ (ਰਨਵੇਅ) ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਇਤਾ ਕਰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੀਆਂ ਆਸਾਂ ਨੂੰ ਪਰਵਾਜ਼ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪੂਰੀ ਵਾਹ ਲਾ ਦੇਣ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਦੇ ਮੱਦੇਨਜ਼ਰ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਸ. ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਉੱਚੇ ਅਹੁਦਿਆਂ ’ਤੇ ਪਹੁੰਚਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਕੋਲਾ ਆਧਾਰਿਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਜੁਟਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਉਪਲਬਧ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਸਟਾਕ ਹੈ ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਕੁਸ਼ਲਤਾਪੂਰਵਕ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਖੇਤਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।
ਮੁੱਖ ਮੰਤਰੀ ਨੇ ਮਿਊਂਸਪਲ ਬਾਰੇ ਕਿਹਾ ਕਿ ਇਹ ਸਥਾਨ ਅਜਿਹੇ ਕਈ ਸਮਾਗਮਾਂ ਦੀ ਗਵਾਹੀ ਭਰਦਾ ਹੈ, ਜਿੱਥੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਰੂਪ ਵਿੱਚ ਯੋਗਤਾ ਦੇ ਆਧਾਰ ’ਤੇ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਇਨ੍ਹਾਂ ਨੂੰ ਪੂਰੀ ਤਨਦੇਹੀ ਤੇ ਜੋਸ਼ੋ-ਖ਼ਰੋਸ਼ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।