ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਲਾਂ, CM ਦੇ OSD ਨੇ ਠੋਕਿਆ ਮਾਣਹਾਨੀ ਦਾ ਕੇਸ, ਅਦਾਲਤ ਨੇ ਜਾਰੀ ਕੀਤੇ ਸਖ਼ਤ ਹੁਕਮ
Punjab News: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਸੀਐਮ ਦੇ ਓਐਸਡੀ ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਖ਼ਿਲਾਫ਼ ਅਦਾਲਤ 'ਚ ਮਾਨਹਾਨੀ ਦਾ ਕੇਸ ਕੀਤਾ ਹੈ।

Punjab News: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਸੀਐਮ ਦੇ ਓਐਸਡੀ ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਖ਼ਿਲਾਫ਼ ਅਦਾਲਤ 'ਚ ਮਾਨਹਾਨੀ ਦਾ ਕੇਸ ਕੀਤਾ ਹੈ।
ਰਾਜਬੀਰ ਸਿੰਘ ਦਾ ਦੋਸ਼ ਹੈ ਕਿ ਖਹਿਰਾ ਨੇ ਉਨ੍ਹਾਂ 'ਤੇ ਬੇਬੁਨਿਆਦ ਇਲਜਾਮ ਲਾਏ ਹਨ। ਇਸ ਦੇ ਨਾਲ ਹੀ ਅਦਾਲਤ ਵੱਲੋਂ ਖਹਿਰਾ ਨੂੰ ਇਸ ਮਾਮਲੇ 'ਚ ਕੋਈ ਵੀ ਬਿਆਨ ਦੇਣ 'ਤੇ ਰੋਕ ਲਾਈ ਗਈ ਹੈ। ਅਦਾਲਤ ਨੇ ਖਹਿਰਾ ਨੂੰ ਰੇਸਟਰੈਨਿੰਗ ਆਰਡਰ ਜਾਰੀ ਕਰਕੇ ਨੋਟਿਸ ਭੇਜਿਆ ਹੈ ਅਤੇ 11 ਅਗਸਤ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਸੀ, ਜਿਸ ਵਿੱਚ 72 ਘੰਟਿਆਂ ਦੇ ਅੰਦਰ ਜਨਤਕ ਅਤੇ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ।
ਰਾਜਬੀਰ ਸਿੰਘ ਦਾ ਕਹਿਣਾ ਸੀ ਕਿ ਖਹਿਰਾ ਨੇ ਉਨ੍ਹਾਂ ਵਿਰੁੱਧ ਝੂਠੇ, ਬੇਬੁਨਿਆਦ ਅਤੇ ਮਨਘੜਤ ਦੋਸ਼ ਲਗਾਏ ਹਨ, ਜਿਸ ਨਾਲ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਸੀ ਕਿ ਜੇਕਰ ਸੋਮਵਾਰ ਤੱਕ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ। ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਸੀ ਜਦੋਂ ਖਹਿਰਾ ਲਗਾਤਾਰ 'ਆਪ' ਸਰਕਾਰ ਅਤੇ ਮੁੱਖ ਮੰਤਰੀ ਮਾਨ ਨੂੰ ਨਿਸ਼ਾਨਾ ਬਣਾ ਰਹੇ ਹਨ।
ਦੱਸ ਦਈਏ ਕਿ ਸੁਖਪਾਲ ਖਹਿਰਾ ਨੇ ਹਾਲ ਹੀ ਵਿੱਚ ਪੰਜਾਬ ਪੁਲਿਸ ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਨੂੰ ਲੈਕੇ ਸਰਕਾਰ 'ਤੇ ਲਗਭਗ 15 ਤੋਂ 20 ਕਰੋੜ ਰੁਪਏ ਦੇ ਨੁਕਸਾਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਕਿ ਥੋਕ ਵਿੱਚ ਖਰੀਦੀਆਂ ਗਈਆਂ ਗੱਡੀਆਂ ਦੇ ਬਾਵਜੂਦ ਗੱਡੀਆਂ 'ਤੇ ਕੋਈ ਛੋਟ ਨਹੀਂ ਲਈ ਗਈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਇੱਕ ਵੱਡਾ ਘੁਟਾਲਾ ਹੈ।
ਉਨ੍ਹਾਂ ਟਵੀਟ ਕਰਕੇ ਕਿਹਾ, ਅਸੀਂ ਸਮਝ ਸਕਦੇ ਹਾਂ ਕਿ ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਅਤੇ ਪੰਜਾਬ ਪੁਲਿਸ ਇਸ ਸ਼ੱਕੀ ਖਰੀਦ 'ਤੇ ਚੁੱਪ ਕਿਉਂ ਹਨ, ਪਰ ਮੁੱਖ ਧਾਰਾ ਮੀਡੀਆ ਵੀ ਕਿਉਂ ਚੁੱਪ ਹੈ? ਕੀ ਉਹ ਵੀ ਇਸ ਘੁਟਾਲੇ ਵਿੱਚ ਭਾਈਵਾਲ ਹੈ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















