Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਵਿੱਚ ਭਰਤੀ ਦੇ ਰਾਹ ਖੋਲ੍ਹੇ ਜਾ ਰਹੇ ਹਨ।
ਜਾਣੋ ਕਿਹੜੇ-ਕਿਹੜੇ ਅਹੁਦਿਆਂ ਉੱਤੇ ਕੀਤੀ ਜਾਵੇਗੀ ਭਰਤੀ
ਉਨ੍ਹਾਂ ਦੱਸਿਆ ਕਿ ਇਨ੍ਹਾਂ 1450 ਪੁਲਿਸ ਮੁਲਾਜ਼ਮਾਂ ਵਿੱਚੋਂ 50 ਇੰਸਪੈਕਟਰ, 150 ਸਬ-ਇੰਸਪੈਕਟਰ, 500 ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ 750 ਹੈੱਡ ਕਾਂਸਟੇਬਲ ਭਰਤੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37683 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਸਰਕਾਰ ਨੇ ਇਸ ਭਰਤੀ ਮੁਹਿੰਮ ਨੂੰ ਮਹਿਜ਼ 18 ਮਹੀਨਿਆਂ ਵਿੱਚ ਪੂਰਾ ਕੀਤਾ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ, ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਸੂਬਾ ਸਰਕਾਰ ਦਾ ਹਿੱਸਾ ਬਣਨ ਦਾ ਮੌਕਾ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਨਾਲ ਜ਼ਿਲ੍ਹਾ ਪੱਧਰ ‘ਤੇ ਪੁਲਿਸ ਫੋਰਸ ਦਾ ਕੰਮਕਾਜ ਹੋਰ ਸੁਚਾਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅਹਿਮ ਪਹਿਲਕਦਮੀ ਸੂਬੇ ਵਿੱਚ ਅਮਨ-ਕਾਨੂੰਨ ਵੀ ਵਿਵਸਥਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਵਿੱਚ ਵੀ ਵਧੇਰੇ ਸਹਾਈ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਕਰਨ ਤੋਂ ਇਲਾਵਾ ਬੁਨਿਆਦੀ ਢਾਂਚੇ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਕੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: Punjab News: 'ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ'