ਠੰਡ ਨੇ ਲਗਾਤਾਰ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਰੋਜ਼ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਿਛਲੇ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਲਗਭਗ 6 ਡਿਗਰੀ ਸੈਲਸੀਅਸ ਦੇ ਨੇੜੇ ਰਿਹਾ ਸੀ, ਪਰ ਸੋਮਵਾਰ ਨੂੰ ਇਹ ਹੋਰ ਘਟ ਕੇ 4.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਦੂਜੇ ਦਿਨ ਵੀ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ, ਜਦਕਿ ਧੁੱਪ ਵੀ ਮੱਧਮ ਰਹੀ।

Continues below advertisement

ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪਾਰਾ ਹੋਰ ਘਟਣ ਅਤੇ ਠੰਡ ਦੀ ਪਕੜ ਹੋਰ ਮਜ਼ਬੂਤ ਹੋਣ ਦਾ ਅੰਦਾਜ਼ਾ ਹੈ। ਵਧਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਕਿਹਾ ਕਿ ਸਰਦੀਆਂ ਕਾਰਨ ਪਿਛਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਕਾਫ਼ੀ ਕਮੀ ਆਈ ਹੈ। ਇਸ ਲਈ ਬੁਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਖ਼ਾਸ ਸਾਵਧਾਨੀ ਵਰਤਣੀ ਚਾਹੀਦੀ ਹੈ।

Continues below advertisement

ਉਨ੍ਹਾਂ ਕਿਹਾ ਕਿ ਬੁਜ਼ੁਰਗਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਸਵੇਰੇ ਅਤੇ ਦੇਰ ਸ਼ਾਮ ਵਧੇਰੇ ਠੰਡ ਵਿੱਚ ਘਰ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਮੌਸਮ ਵਿੱਚ ਛੋਟੇ ਬੱਚਿਆਂ ਨੂੰ ਨਿਊਮੋਨੀਆ ਹੋਣ ਦਾ ਖ਼ਤਰਾ ਵੀ ਰਹਿੰਦਾ ਹੈ। ਨਿਊਮੋਨੀਆ ਤੋਂ ਬਚਾਅ ਲਈ ਸਰਦੀਆਂ ਦੌਰਾਨ ਬੱਚੇ ਦਾ ਸਰੀਰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਜਿੰਨਾ ਹੋ ਸਕੇ ਗਰਮ ਊਨੀ ਕੱਪੜੇ ਪਹਿਨਾਉਣੇ ਚਾਹੀਦੇ ਹਨ।

ਸਰੀਰ ਦਾ ਤਾਪਮਾਨ ਸੰਤੁਲਿਤ ਬਣਾਈ ਰੱਖਣ ਲਈ ਸਿਹਤਮੰਦ ਭੋਜਨ ਲੈਣਾ ਜ਼ਰੂਰੀ ਹੈ। ਚਮੜੀ ਨੂੰ ਰੁੱਖਾਪਣ ਤੋਂ ਬਚਾਉਣ ਲਈ ਤੇਲ, ਪੈਟਰੋਲਿਅਮ ਜੈਲੀ ਅਤੇ ਬਾਡੀ ਕ੍ਰੀਮ ਦੀ ਵਰਤੋਂ ਕਰੋ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਬੰਦ ਕਮਰਿਆਂ ਵਿੱਚ ਸਟੋਵ, ਅੰਗੀਠੀ, ਹੀਟਰ ਆਦਿ ਵਰਤਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਨ੍ਹਾਂ ਨਾਲ ਕਮਰੇ ਵਿੱਚ ਆਕਸੀਜਨ ਦੀ ਘਾਟ ਹੋ ਸਕਦੀ ਹੈ ਅਤੇ ਕਈ ਵਾਰ ਇਹ ਜਾਨਲੇਵਾ ਵੀ ਸਾਬਤ ਹੋ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।