Shaheedi Jor Mela 2022: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੀ ਅੱਜ ਸ਼ੁਰੂ ਹੋ ਰਹੀ ਹੈ। ਲੱਖਾਂ ਦੀ ਗਿਣਤੀ ਵਿੱਚ ਸੰਗਤ ਦੇਸ਼-ਵਿਦੇਸ਼ ਤੋਂ ਪੁੱਜਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਪੁਲਿਸ ਨੇ ਆਵਾਜਾਈ ਦੇ ਬਦਲਵੇਂ ਕੀਤੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਤੇ ਜ਼ਿਲ੍ਹਾ ਜਥੇਦਾਰ ਜਗਦੀਪ ਸਿੰਘ ਚੀਮਾ ਵੱਲੋਂ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਧਰ, ਸੰਗਤ ਦੀ ਭਾਰੀ ਆਮਦ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਨੇ ਵੀ ਐਤਵਾਰ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਪਹਿਲੀ ਵਾਰ ਡਰੋਨਾਂ ਰਾਹੀ ਨਿਗਰਾਨੀ ਕਰਨ ਦਾ ਫ਼ੈਸਲਾ ਕੀਤਾ।
ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਅੱਜ 26 ਦਸੰਬਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 28 ਦਸੰਬਰ ਨੂੰ ਪੈਣਗੇ, ਗੁਰਦੁਆਰਾ ਠੰਢਾ ਬੁਰਜ ਦੇ ਸਾਹਮਣੇ ਟੋਡਰ ਮੱਲ ਦੀਵਾਨ ਹਾਲ ਵਿੱਚ 26 ਤੋਂ 29 ਦਸੰਬਰ ਤੱਕ ਲਗਾਤਾਰ ਦਿਨ-ਰਾਤ ਧਾਰਮਿਕ ਦੀਵਾਨ ਸਜਣਗੇ, 27 ਦਸੰਬਰ ਦੀ ਰਾਤ ਨੂੰ 9 ਵਜੇ ਕਵੀ ਸਮਾਗਮ ਹੋਵੇਗਾ ਤੇ 28 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ 12 ਵਜੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਪੁੱਜੇਗਾ ਜਿੱਥੇ ਸੋਹਿਲਾ ਸਾਹਿਬ ਦੇ ਪਾਠ ਉਪਰੰਤ ਸਮਾਪਤੀ ਹੋਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ 26 ਤੇ 27 ਦਸੰਬਰ ਨੂੰ ਜਥਾ ਰੰਧਾਵਾ ਦੇ ਮੁੱਖ ਸਥਾਨ ’ਤੇ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ 26 ਦਸੰਬਰ ਨੂੰ ਧਾਰਮਿਕ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਗਤ ਦੀ ਸਹੂਲਤ ਲਈ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿਲ ਵੱਲੋਂ ਸ਼ਹੀਦੀ ਸਭਾ ਬਾਰੇ ਸੈਕਟਰ ਮੈਪ ਵੀ ਜਾਰੀ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।