Amritpal Health Update: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ 16 ਫਰਵਰੀ ਤੋਂ ਪੁੱਛ ਹੜਤਾਲ 'ਤੇ ਬੈਠੇ ਹਨ। ਇਸ ਦੌਰਾਨ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫ਼ੀ ਨਾਜੁਕ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਖੂਨ ਦੀਆਂ ਉਲਟੀਆਂ ਆ ਰਹੀਆਂ ਹਨ ਅਤੇ ਉਹਨਾਂ ਦੀ ਸਰੀਰ ਵੀ ਕਾਫ਼ੀ ਕਮਜ਼ੋਰ ਹੋ ਗਿਆ ਹੈ। ਇਸ ਦਾ ਖੁਲਾਸਾ ਉਹਨਾਂ ਦੇ ਵਕੀਲ ਰਾਜਦੇਵ ਸਿੰਘ ਨੇ ਬਰਨਾਲ ਵਿੱਚ ਕੀਤਾ ਹੈ।
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ 16 ਫਰਵਰੀ ਤੋਂ ਭੁੱਖ ਹੜਤਾਲ ’ਤੇ ਬੈਠਾ ਹੈ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਦੋ ਦਿਨ ਪਹਿਲਾਂ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਸੀ। ਕੱਲ੍ਹ ਉਸ ਦੀ ਪਤਨੀ ਕਿਰਨਦੀਪ ਕੌਰ ਵੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਆਈ ਅਤੇ ਉਸ ਦੀ ਮੌਜੂਦਗੀ ਵਿੱਚ ਅੰਮ੍ਰਿਤਪਾਲ ਸਿੰਘ ਨੇ ਖੂਨ ਦੀਆਂ ਉਲਟੀਆਂ ਕਰ ਦਿੱਤੀਆਂ।
ਜਿਸ ਕਾਰਨ ਅੰਮ੍ਰਿਤਪਾਲ ਦੀ ਹਾਲਤ ਕਾਫੀ ਗੰਭੀਰ ਹੋ ਗਈ ਹੈ ਅਤੇ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਸਦੀ ਪਤਨੀ ਦਾ ਕਹਿਣਾ ਹੈ ਕਿ ਅਜਿਹੀ ਹਾਲਤ ਵਿੱਚ ਉਸਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ। ਜਿਸ ਲਈ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ।
ਐਡਵੋਕੇਟ ਖਾਲਸਾ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੇ ਮਾੜੇ ਵਤੀਰੇ ਤੋਂ ਤੰਗ ਆ ਕੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਭੁੱਖ ਹੜਤਾਲ ’ਤੇ ਬੈਠੇ ਹਨ। ਉਹ ਪਾਣੀ ਪੀਣ ਤੋਂ ਇਲਾਵਾ ਕੁਝ ਨਹੀਂ ਖਾ ਰਹੇ ਹਨ। ਜਿਸ ਕਾਰਨ ਅੰਮ੍ਰਿਤਪਾਲ ਸਿੰਘ ਦੀ ਸਿਹਤ ਗੰਭੀਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਤਬਦੀਲ ਕੀਤਾ ਜਾਵੇ। ਇਸ ਮੰਗ ਤੋਂ ਬਿਨਾਂ ਉਹ ਕਿਸੇ ਵੀ ਹਾਲਤ ਵਿੱਚ ਭੁੱਖ ਹੜਤਾਲ ਖ਼ਤਮ ਨਹੀਂ ਕਰਨਗੇ।
ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਭੁੱਖ ਹੜਤਾਲ ’ਤੇ ਬੈਠਣ ’ਤੇ ਸਾਰੇ ਸਿੰਘਾਂ ਖ਼ਿਲਾਫ਼ ਅੰਮ੍ਰਿਤਸਰ ਦੇ ਡੀਸੀ ਰਾਹੀਂ ਹੋਰ ਕੇਸ ਦਰਜ ਕਰਨ ਦੀ ਧਮਕੀ ਦੇ ਰਿਹਾ ਹੈ। ਐਡਵੋਕੇਟ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਤੁਰੰਤ ਜੇਲ੍ਹ ਭੇਜੇ।