ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਦੇ ਮੁੱਦੇ ਉੱਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਖ਼ਿਲਾਫ਼ ਦਿੱਤੇ ਗਏ ਫ਼ੈਸਲੇ ਦੇ ਵਿਰੋਧ ਵਿੱਚ ਕਾਂਗਰਸ ਦੇ ਵਿਧਾਇਕਾਂ ਵੱਲੋਂ ਅਸਤੀਫ਼ੇ ਦੇ ਦਿੱਤੇ ਗਏ ਹਨ। ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਪਹੁੰਚੇ ਕੇ ਆਪੋ ਆਪਣੇ ਅਸਤੀਫ਼ੇ ਸਪੀਕਰ ਨੂੰ ਸੌਂਪੇ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਕੀਤੀ।


ਕਾਂਗਰਸੀ ਵਿਧਾਇਕਾਂ ਦੇ ਅਸਤੀਫ਼ਿਆਂ ਨੂੰ ਅਕਾਲੀ ਦਲ ਵੱਲੋਂ ਡਰਾਮਾ ਕਰਾਰ ਦਿੱਤੇ ਜਾਣ ਦੇ ਮੁੱਦੇ ਉੱਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਤਲੁਜ ਯਮੁਨਾ ਲਿੰਕ ਨਹਿਰ ਵਿਵਾਦ ਲਈ ਅਕਾਲੀ ਦਲ ਦੀ ਹੀ ਦੇਣ ਹੈ। ਵਿਧਾਨ ਸਭਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸ਼ਨੀਵਾਰ ਤੋਂ ਹਰ ਵਿਧਾਨ ਸਭਾ ਹਲਕੇ ਵਿੱਚ ਅਕਾਲੀ-ਬੀਜੇਪੀ ਸਰਕਾਰ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਨੇ ਅਬੋਹਰ 13 ਨਵੰਬਰ ਨੂੰ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਾਂਗਰਸ ਨੇ 16 ਨਵੰਬਰ ਸਮੂਹ ਪੰਜਾਬ ਲੀਡਰਸ਼ਿੱਪ ਨਾਲ ਇਸ ਮੁੱਦੇ ਉਤੇ ਰਾਸ਼ਟਰਪਤੀ ਨੂੰ ਵੀ ਮਿਲਣ ਦਾ ਐਲਾਨ ਕੀਤਾ ਹੈ।

ਯਾਦ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਲੋਕ ਸਭਾ ਤੋਂ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਸੀ ਕਿ ਪੰਜਾਬ ਦਾ ਪਾਣੀ ਕਿਸੇ ਵੀ ਸੁਰਤ ਵਿੱਚ ਹਰਿਆਣਾ ਨੂੰ ਨਹੀਂ ਦਿੱਤਾ ਜਾਵੇਗਾ।