ਅੰਮ੍ਰਿਤਸਰ: ਪੰਜਾਬ ਵਿੱਚ ਇਸ ਵਾਰ ਹੜ੍ਹਾਂ ਨੇ ਕਾਫੀ ਤਬਾਹੀ ਮਚਾਈ ਹੈ। ਪੰਜਾਬ ਦੇ ਦੁਆਬੇ ਨਾਲ ਲੱਗਦੇ ਜ਼ਿਲ੍ਹੇ ਤੇ ਫਿਰੋਜ਼ਪੁਰ ਜ਼ਿਲ੍ਹਾ ਇਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਕੋਲੋਂ 1,000 ਕਰੋੜ ਰੁਪਏ ਦੀ ਫੌਰੀ ਰਾਹਤ ਦੀ ਮੰਗ ਕੀਤੀ ਪਰ ਕੇਂਦਰ ਸਰਕਾਰ ਵੱਲੋਂ ਹਾਲੇ ਤਕ ਪੰਜਾਬ ਸਰਕਾਰ ਨੂੰ ਕੋਈ ਪੱਲਾ ਨਹੀਂ ਫੜਾਇਆ ਗਿਆ ਤੇ ਨਾ ਹੀ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਕੋਈ ਟੀਮ ਪੰਜਾਬ ਵਿੱਚ ਪੁੱਜੀ ਹੈ, ਜਿਸ ਕਾਰਨ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਆਹਮੋ-ਸਾਹਮਣੇ ਹੋ ਗਏ ਹਨ।

ਅੰਮ੍ਰਿਤਸਰ ਦੇ ਦੋ ਸੰਸਦ ਮੈਂਬਰ, ਗੁਰਜੀਤ ਸਿੰਘ ਔਜਲਾ ਤੇ ਸ਼ਵੇਤ ਮਲਿਕ ਅੱਜ ਇਸ ਮਾਮਲੇ 'ਤੇ ਇੱਕ-ਦੂਜੇ ਖ਼ਿਲਾਫ਼ ਡਟ ਗਏ। ਦੋਵਾਂ ਨੇ ਇੱਕ ਦੂਜੇ ਦੀਆਂ ਪਾਰਟੀਆਂ ਉੱਪਰ ਦੋਸ਼ ਲਾਏ। ਗੁਰਜੀਤ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਤੇ ਪੰਜਾਬ ਨੂੰ ਜਾਣ ਬੁੱਝ ਕੇ ਅਣਗੌਲਿਆ ਕੀਤਾ ਜਾ ਰਿਹਾ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ ਅਤੇ ਕਾਂਗਰਸ ਦੇ ਸਾਰੇ ਮੈਂਬਰ ਪਾਰਲੀਮੈਂਟ ਕੇਂਦਰ ਸਰਕਾਰ ਤੇ ਲਗਾਤਾਰ ਦਬਾਅ ਬਣਾ ਰਹੇ ਹਨ ਕੇ ਹੜ੍ਹ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਹੋ ਸਕੇ।

ਉਨ੍ਹਾਂ ਕਿਹਾ ਕਿ ਨਾਲ ਹੀ ਮੈਂਬਰ ਪਾਰਲੀਮੈਂਟ ਕੇਂਦਰੀ ਜਲ ਸਰੋਤ ਮੰਤਰੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਿਲ ਕੇ ਪੰਜਾਬ ਦੀ ਸਥਿਤੀ ਬਾਰੇ ਜਾਣੂੰ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਤੇ ਸੁਖਬੀਰ ਬਾਦਲ ਦੀ ਨਿੰਦਾ ਕੀਤੀ। ਗੁਰਜੀਤ ਔਜਲਾ ਨੇ ਦੱਸਿਆ ਕਿ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦਿੱਲੀ ਵਿੱਚ ਹੀ ਹਨ ਅਤੇ ਉਹ ਸਬੰਧਿਤ ਮੰਤਰੀਆਂ ਕੋਲੋਂ ਸਮਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਾਂਗਰਸ ਨੂੰ ਇਸ ਮੁੱਦੇ ਤੇ ਘਟੀਆ ਰਾਜਨੀਤੀ ਕਰਨ ਵਾਲੀ ਪਾਰਟੀ ਦੱਸਿਆ ਅਤੇ ਨਾਲ ਹੀ ਪੁੱਛਿਆ ਕਿ ਇਨ੍ਹਾਂ ਹੜ੍ਹਾਂ ਦੇ ਲਈ ਜ਼ਿੰਮੇਵਾਰ ਕੌਣ ਹੈ ਅਤੇ ਮਾਈਨਿੰਗ ਲਈ ਜ਼ਿੰਮੇਵਾਰ ਕੌਣ ਹੈ। ਸ਼ਵੇਤ ਮਲਿਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੋਈ ਵੀ ਵਿਤਕਰਾ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੀ ਜ਼ਰੂਰਤ ਮੁਤਾਬਿਕ ਮਦਦ ਕੀਤੀ ਜਾਏਗੀ ਉਹ ਖੁਦ ਇਸ ਮਾਮਲੇ ਲਈ ਪ੍ਰਧਾਨ ਮੰਤਰੀ ਨੂੰ ਮਿਲਣਗੇ।