ਚੰਡੀਗੜ੍ਹ: ਕਾਂਗਰਸ ਵੱਲੋਂ ਪੂਰੇ ਦੇਸ਼ ਵਿੱਚ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਇਸ ਬੰਦ ਨੂੰ ਹਾਲੇ ਤਕ ਰਲਵਾਂ-ਮਿਲਵਾਂ ਹੁੰਗਾਰਾ ਮਿਲ ਰਿਹਾ ਹੈ। ਹਾਲਾਂਕਿ, ਕਾਂਗਰਸੀਆਂ ਵੱਲੋਂ ਰੋਸ ਮਾਰਚ ਕੱਢ ਕੇ ਬਾਜ਼ਾਰ ਬੰਦ ਕਰਵਾਏ ਜਾ ਰਹੇ ਹਨ।


ਚੰਡੀਗੜ੍ਹ ਵਿੱਚ ਵੀ ਕਾਂਗਰਸ ਦੇ ਵੱਡੇ ਲੀਡਰ ਤੇ ਸਾਬਕਾ ਰੇਲ ਮੰਤਰੀ ਪਵਨ ਕੁਮਾਰ ਬਾਂਸਲ ਨੇ ਰੋਸ ਮਾਰਚ ਦੀ ਅਗਵਾਈ ਕੀਤੀ। ਬਾਂਸਲ ਨੇ ਜੰਮ ਕੇ ਮੋਦੀ ਸਰਕਾਰ ਵਿਰੁੱਧ ਭੜਾਸ ਕੱਢੀ ਤੇ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਕਰਨ ਲਈ ਖ਼ੂਬ ਲਾਹਣਤਾਂ ਪਾਈਆਂ। ਇਸ ਦੌਰਾਨ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਉਣ ਦੀ ਮੁਹਿੰਮ ਵੀ ਚਲਾਈ ਗਈ।

ਰਾਹੁਲ ਗਾਂਧੀ ਦੇ ਨੇੜੇ ਸਮਝੇ ਜਾਂਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹੇ ਪ੍ਰਦਰਸ਼ਨਾਂ ਤੋਂ ਦੂਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਨਾਲ ਬੈਠਕ ਕਰ ਰਹੇ ਹਨ। ਉੱਥੇ ਹੀ ਭਾਰਤ ਬੰਦ ਦੇ ਸੱਦੇ 'ਤੇ ਮੁਹਾਲੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ।

ਇਸੇ ਦੌਰਾਨ ਸੰਗਰੂਰ ਵਿੱਚ ਔਰਤਾਂ ਵੱਲੋਂ ਇੱਕ ਵੱਖਰੇ ਕਿਸਮ ਦਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਸੰਗਰੂਰ ਵਿੱਚ ਔਰਤਾਂ ਨੇ ਹੱਥਾਂ ਨਾਲ ਆਟੋ ਰਿਕਸ਼ੇ ਖਿੱਚ ਕੇ ਰੋਸ ਜ਼ਾਹਰ ਕੀਤਾ। ਇੱਥੇ ਵੀ ਵਪਾਰੀਆਂ ਦੀਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ।

ਲੁਧਿਆਣਾ ਵਿੱਚ ਭਾਰਤ ਬੰਦ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਯੂਥ ਕਾਂਗਰਸ ਲੀਡਰ ਮਾਨਿਕ ਡਾਬਰ ਨੇ ਵੱਡੀ ਰੋਸ ਰੈਲੀ ਕੀਤੀ। ਲੋਕਾਂ ਨੇ ਆਮ ਦਿਨਾਂ ਵਾਂਗ ਆਪਣੀਆਂ ਦੁਕਾਨਾਂ ਖੋਲ੍ਹੀਆਂ। ਹਾਲਾਂਕਿ, ਬਾਅਦ ਵਿੱਚ ਕਾਂਗਰਸੀਆਂ ਦੇ ਰੋਸ ਮਾਰਚ ਦੌਰਾਨ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਗੱਡੀ ਵੀ ਅੱਧੇ ਘੰਟੇ ਤਕ ਜਾਮ ਵਿੱਚ ਫਸੀ ਰਹੀ।

ਦੋਰਾਹਾ ਵਿੱਚ ਹੀ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਰੋਸ ਮਾਰਚ ਕੱਢਿਆ ਗਿਆ। ਲੱਖਾ ਨੇ ਟਾਂਗੇ ਦੀ ਸਵਾਰੀ ਕਰ ਮੋਦੀ ਸਰਕਾਰ ਵਿਰੁੱਧ ਆਪਣਾ ਰੋਸ ਜਤਾਇਆ। ਮੋਦੀ ਸਰਕਾਰ ਵਿਰੁੱਧ ਪੂਰੇ ਦੇਸ਼ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ ਤੇ ਇਸ ਦੇ ਨਾਲ ਹੀ ਕਾਂਗਰਸੀ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ।

ਕਈ ਥਾਵਾਂ 'ਤੇ ਹਿੰਸਾ ਦੀ ਖ਼ਬਰ ਵੀ ਹੈ। ਬੰਦ ਦੌਰਾਨ ਅੱਜ ਡਾਲਰ ਦੇ ਮੁਕਾਬਲੇ ਰੁਪਿਆ ਹੋਰ ਟੁੱਟ ਕੇ ਸਭ ਤੋਂ ਹੇਠਲੇ ਪੱਧਰ (72.57 ਰੁਪਏ/ਡਾਲਰ) 'ਤੇ ਪਹੁੰਚ ਗਿਆ ਹੈ ਗਿਆ ਜਿਸ ਨਾਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ।