ਚੰਡੀਗੜ੍ਹ: ਪੰਜਾਬ ਦੇ ਕਈ ਮੰਤਰੀਆਂ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਬੇਅਦਬੀ ਮਾਮਲਿਆਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਹੇਠ ਅਕਾਲੀ ਦਲ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਵਿਧਾਇਕ ਦਵਿੰਦਰ ਘੁਬਾਇਆ, ਡਾ. ਹਰਜੋਤ ਕਮਲ ਤੇ ਕਈ ਕਾਂਗਰਸ ਲੀਡਰਾਂ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਿੱਤੀ। ਕਾਂਗਰਸ ਦੇ ਵਫ਼ਦ ਨੇ ਦੋਸ਼ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਚੱਲ ਰਹੀ ਜਾਂਚ ਵਿੱਚ ਅਕਾਲੀ ਦਲ ਅੜਿੱਕੇ ਡਾਹ ਰਿਹਾ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਖਿਲਾਫ ਦਿੱਤੀ ਸ਼ਿਕਾਇਤ ਬੇਬੁਨਿਆਦ ਹੈ। ਅਕਾਲੀ ਦਲ ਬੇਅਦਬੀਆਂ ਦੇ ਮਾਮਲੇ ਵਿੱਚ ਚੱਲ ਰਹੀ ਜਾਂਚ ਵਿੱਚ ਅੜਿੱਚਣਾਂ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਾਖੜ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਦੌਰਾਨ ਬੇਬੁਨਿਆਦ ਸ਼ਿਕਾਇਤ ਲੈ ਕੇ ਅਕਾਲੀ ਦਲ ਚੋਣ ਕਮਿਸ਼ਨ ਕੋਲ ਪਹੁੰਚਿਆ ਸੀ ਤੇ ਕਾਂਗਰਸ ਅਕਾਲੀ ਦਲ ਦੀ ਸ਼ਿਕਾਇਤ ਖਿਲਾਫ਼ ਸ਼ਿਕਾਇਤ ਲੈ ਕੇ ਪਹੁੰਚੀ ਹੈ।