ਚੰਡੀਗੜ੍ਹ: ਪੰਜਾਬ ਤੋਂ ਅੱਜ ਕਾਂਗਰਸ ਦਾ ਵੱਡਾ ਕਾਫਲਾ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ। ਇਹ ਕਾਫਲਾ ਨਵਜੋਤ ਸਿੱਧੂ ਦੀ ਅਗਵਾਈ 'ਚ ਮੁਹਾਲੀ ਤੋਂ ਰਵਾਨਾ ਹੋਏਗਾ। ਕਾਂਗਰਸ ਨੇ ਹਰ ਵਿਧਾਇਕ ਨੂੰ 200 ਬੰਦੇ ਨਾਲ ਲੈ ਕੇ ਆਉਣ ਲਈ ਕਿਹਾ ਹੈ। ਮੰਤਰੀ ਤੇ ਵਿਧਾਇਕ ਆਪਣੇ ਹਮਾਇਤੀਆਂ ਨਾਲ ਚੰਡੀਗੜ੍ਹ ਏਅਰਪੋਰਟ ਵਾਲੇ ਚੌਕ 'ਤੇ ਇਕੱਠੇ ਹੋ ਰਹੇ ਹਨ।
ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਰਾਹੁਲ ਗਾਂਧੀ ਨਾਲ ਲਖੀਮਪੁਰ ਗਏ ਹੋਏ ਹਨ। ਸਿੱਧੂ ਨੇ ਬੀਤੇ ਦਿਨ ਟਵੀਟ ਕਰਕੇ ਲਖੀਮਪੁਰ ਜਾਣ ਦੀ ਗੱਲ ਕਹੀ ਸੀ, ਉਨ੍ਹਾਂ ਕਿਹਾ ਸੀ ਕਿ ਜੇਕਰ ਕੇਂਦਰੀ ਮੰਤਰੀ ਦੇ ਲੜਕੇ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤੇ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ।
ਉਧਰ, ਸਿਆਸੀ ਸਰਗਰਮੀਆਂ ਵੇਖ ਬੀਜੇਪੀ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਯੂਪੀ ਸਰਕਾਰ ਨੇ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਬਣਾਇਆ ਹੈ। ਇਲਾਹਾਬਾਦ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ੍ਰੀਵਾਸਤਵ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰਨਗੇ। ਰਾਜਪਾਲ ਆਨੰਦੀਬੇਨ ਪਟੇਲ ਨੇ ਜਾਂਚ ਲਈ ਪ੍ਰਦੀਪ ਕੁਮਾਰ ਸ੍ਰੀਵਾਸਤਵ ਨੂੰ ਨਿਯੁਕਤ ਕੀਤਾ ਹੈ। ਸਿਰਫ ਇਕੋ ਮੈਂਬਰੀ ਕਮਿਸ਼ਨ ਹੀ ਮਾਮਲੇ ਦੀ ਜਾਂਚ ਕਰੇਗਾ। ਜਾਂਚ ਕਮਿਸ਼ਨ ਦਾ ਮੁੱਖ ਦਫਤਰ ਲਖੀਮਪੁਰ ਵਿੱਚ ਬਣਾਇਆ ਜਾਵੇਗਾ। ਕਮਿਸ਼ਨ ਨੂੰ 2 ਮਹੀਨਿਆਂ ਦੇ ਅੰਦਰ ਆਪਣੀ ਜਾਂਚ ਪੂਰੀ ਕਰਨੀ ਹੋਵੇਗੀ।
ਦੱਸ ਦਈਏ ਕਿ ਲਖੀਮਪੁਰ ਖੀਰੀ ਦੇ ਮਾਮਲੇ ਵਿੱਚ ਬੀਜੇਪੀ ਕਸੂਤੀ ਘਿਰ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸੁਪਰੀਮ ਕੋਰਟ ਨੇ ਵੀ ਨੋਟਿਸ ਲਿਆ ਲਿਆ ਹੈ। ਸਰਬਉੱਚ ਅਦਾਲਤ ਨੇ ਮੀਡੀਆ ਰਿਪੋਰਟਾਂ ਦਾ ਖੁ਼ਦ ਨੋਟਿਸ ਲੈਂਦਿਆਂ ਵੀਰਵਾਰ ਨੂੰ ਇਸ ਕੇਸ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਦੇ ਚੀਫ਼ ਜਸਟਿਸ ਐਨਵੀ ਰਾਮੰਨਾ ਦੀ ਅਗਵਾਈ ਵਾਲਾ ਬੈਂਚ ਕੇਸ ਦੀ ਸੁਣਵਾਈ ਕਰੇਗਾ ਜਦੋਂਕਿ ਹੋਰਨਾਂ ਜੱਜਾਂ ਵਿੱਚ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਸ਼ਾਮਲ ਹੋਣਗੇ।
ਇਸ ਕੇਸ ਨੂੰ ‘ਲਖੀਮਪੁਰ ਖੀਰੀ (ਯੂਪੀ) ਵਿੱਚ ਹੋਈ ਹਿੰਸਾ ਕਰਕੇ ਹੋਈਆਂ ਮੌਤਾਂ’ ਵਜੋਂ ਸੂਚੀਬੱਧ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਇਕ ਸਮੂਹ ਨੂੰ ਤਿੰਨ ਕਾਰਾਂ ਹੇਠ ਦਰੜਨ ਮਗਰੋਂ ਭੜਕੀ ਹਿੰਸਾ ਵਿੱਚ 4 ਕਿਸਾਨਾਂ ਤੇ ਇੱਕ ਪੱਤਰਕਾਰ ਸਮੇਤ ਅੱਠ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ।