ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੱਕ ਵਫਦ ਨੇ ਬੁੱਧਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੇਤਾ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਕੇਂਦਰੀ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਜਾਂ ਕੇਂਦਰੀ ਜਾਂਚ ਏਜੰਸੀ (CBI) ਤੋਂ ਜਾਂਚ ਦੀ ਮੰਗ ਕੀਤੀ।


ਵਫ਼ਦ ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ। ਹੋਰਨਾਂ ਮੈਂਬਰਾਂ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪਾਰਟੀ ਦੀ ਸੂਬਾ ਇਕਾਈ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਰਾਜ ਕੁਮਾਰ ਚੱਬੇਵਾਲ, ਸੁਖਜਿੰਦਰ ਸਿੰਘ ਰੰਧਾਵਾ ਅਤੇ ਬਲਬੀਰ ਸਿੰਘ ਸਿੱਧੂ ਸ਼ਾਮਲ ਰਹੇ।


ਵਫ਼ਦ ਨੇ ਮੂਸੇਵਾਲਾ ਦੇ ਕਤਲ ਦੀ ਜਾਂਚ ਸੀਬੀਆਈ ਜਾਂ ਐਨਆਈਏ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਸੂਬਾ ਸਰਕਾਰ ’ਤੇ ਕਿਸੇ ਨੂੰ ਭਰੋਸਾ ਨਹੀਂ ਹੈ। ਵਫ਼ਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੂਬੇ ਲਈ ਤਬਾਹਕੁੰਨ ਸਾਬਤ ਹੋਈ ਹੈ।


ਉਨ੍ਹਾਂ ਕਿਹਾ ਕਿ ਪੁਲਿਸ ਨੂੰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ ਅਤੇ ਕਤਲ ਕੋਈ ਸਾਧਾਰਨ ਘਟਨਾ ਨਹੀਂ ਹੈ। ਇਹ ਇੱਕ ਸੋਚੀ ਸਮਝੀ ਸਾਜ਼ਿਸ਼ ਸੀ ਜਿਸ ਵਿੱਚ ਹਮਲਾਵਰਾਂ ਨੂੰ ਕਾਨੂੰਨ ਦਾ ਵੀ ਡਰ ਨਹੀਂ ਸੀ। ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਮੁੱਖ ਮੰਤਰੀ ਮਾਨ ਸੂਬੇ ਲਈ ਪੂਰੀ ਤਰ੍ਹਾਂ ਤਬਾਹਕੁੰਨ ਸਾਬਤ ਹੋਏ ਹਨ।


ਮਾਨ ਗਹਿ ਮੰਤਰੀ ਵਜੋਂ ਬੁਰੀ ਤਰ੍ਹਾਂ ਫੇਲ- ਸੁਖਬੀਰ ਸਿੰਘ ਬਾਦਲ


ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਨ ਸਾਹਿਬ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਬੁਰੀ ਤਰ੍ਹਾਂ ਫੇਲ੍ਹ ਹੋ ਗਏ ਹਨ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਦੇ ਲੋਕਾਂ ਨੂੰ ਮੁੱਢਲੀ ਸੁਰੱਖਿਆ ਪ੍ਰਦਾਨ ਕਰਨ ਵਿੱਚ ਨਾਕਾਮ ਰਹਿਣ ਕਾਰਨ ਉਨ੍ਹਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਲੱਗਦਾ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਵਾਪਸ ਆ ਗਿਆ ਹੈ। ਕੋਈ ਵੀ ਸੁਰੱਖਿਅਤ ਨਹੀਂ ਹੈ। ਬਾਦਲ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇਸ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਡਾ ਦੁਸ਼ਮਣ ਗੁਆਂਢੀ ਹੈ ਜੋ ਇਸ ਸਥਿਤੀ ਦਾ ਫਾਇਦਾ ਉਠਾ ਕੇ ਸੂਬੇ ਨੂੰ ਹੋਰ ਅਸਥਿਰ ਕਰ ਸਕਦਾ ਹੈ।


ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਾਣਕਾਰੀ ਦਿੱਤੀ, ਸਾਰੀਆਂ ਵਿਰੋਧੀ ਪਾਰਟੀਆਂ ਦੀ ਮੀਟਿੰਗ ਮੁਲਤਵੀ