ਸੁਲਤਾਨਪੁਰ ਲੋਧੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਲੋਕਾਂ ਨੂੰ ਧਾਰਮਿਕ ਤੇ ਸਿਆਸੀ ਵਖਰੇਵਿਆਂ ਤੋਂ ਉਪਰ ਉੱਠ ਕੇ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ।


ਅੱਜ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਵਧਾਈ ਦਿੱਤੀ ਹੈ ਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਂਤਾਂ ਤੇ ਵਿਚਾਰਾਂ ਨੂੰ ਧਾਰਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਸ਼ਵ ਭਰ ਦੇ ਲੋਕਾਂ ਨੂੰ ਸਮਾਰੋਹਾਂ ਵਿੱਚ ਵਧ-ਚੜ ਕੇ ਸ਼ਮੂਲੀਅਤ ਕਰਨ ਦਾ ਵੀ ਸੱਦਾ ਦਿੱਤਾ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਕੁੱਲ ਹਿੰਦ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਵੀ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਚਿਰੋਕਣੀ ਮੰਗ 26 ਨਵੰਬਰ ਨੂੰ ਉਸ ਵੇਲੇ ਪੂਰੀ ਹੋ ਜਾਵੇਗੀ, ਜਦੋਂ ਉਹ ਤੇ ਭਾਰਤ ਦੇ ਰਾਸ਼ਟਰਪਤੀ ਇਸ ਲਾਂਘੇ ਦਾ ਨੀਂਹ ਪੱਥਰ ਰੱਖਣਗੇ।

ਉਨ੍ਹਾਂ ਨੇ ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਭਰੇ ਹੁੰਗਾਰੇ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਵਾਸਤੇ ਹਰ ਲੋੜੀਂਦਾ ਯੋਗਦਾਨ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਐਲਾਨੇ ਵੱਖ-ਵੱਖ ਵਿਕਾਸ ਤੇ ਭਲਾਈ ਪ੍ਰਾਜੈਕਟਾਂ ਵਾਸਤੇ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਇਨ੍ਹਾਂ ਇਤਿਹਾਸਕ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।

ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਫਿਰਕਾਪ੍ਰਸਤੀ ਤੇ ਨਫ਼ਰਤ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਇਹ ਸਮਾਰੋਹ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਫਿਰਕੂ ਲੀਹ ’ਤੇ ਵੰਡਣ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸੁਚੇਤ ਕਰਦਿਆਂ ਲੋਕਾਂ ਨੂੰ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।