Congress Meeting News: ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਦੇ ਅੰਦਰ ਵੀ ਲੀਡਰਸ਼ਿਪ ਬਦਲਣ ਨੂੰ ਲੈਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ, ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸ਼ਾਮ 4 ਵਜੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਦਿੱਲੀ ਰਿਹਾਇਸ਼ 'ਤੇ ਹੋਵੇਗੀ ਅਤੇ ਇਸ ਵਿੱਚ ਪੰਜਾਬ ਕਾਂਗਰਸ ਦੇ ਪੰਜ ਸੀਨੀਅਰ ਆਗੂ ਸ਼ਾਮਲ ਹੋਣਗੇ।
ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ, ਕੇ.ਸੀ. ਵੇਣੂਗੋਪਾਲ ਅਤੇ ਭੁਪੇਸ਼ ਬਘੇਲ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਭਵਿੱਖ ਦੀ ਰਣਨੀਤੀ ਅਤੇ ਸੰਗਠਨਾਤਮਕ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਸਾਲ ਹਾਈ ਕਮਾਂਡ ਦੀ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਇਹ ਦੂਜੀ ਵੱਡੀ ਮੀਟਿੰਗ ਹੋਵੇਗੀ।
ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਆਹ ਆਗੂ
ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਵਿੱਚ ਮੀਟਿੰਗ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਚਾਰ ਤੋਂ ਪੰਜ ਸੀਨੀਅਰ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਵਿਜੇ ਇੰਦਰ ਸਿੰਗਲਾ ਦੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
