ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਕਾਂਗਰਸ 'ਚ ਮਤਭੇਦ ਸਾਹਮਣੇ ਆਏ ਹਨ। ਇੱਕ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦੀ ਅਲੋਚਨਾ ਕੀਤਾ ਹੈ ਪਰ ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਲੀਡਰ ਹਰਮਿੰਦਰ ਸਿੰਘ ਗਿੱਲ ਨੇ ਜਥੇਦਾਰ ਦੇ ਬਿਆਨ ਦਾ ਸਮਰਥਨ ਕੀਤਾ ਹੈ।



ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਨੂੰਨ ਤੇ ਧਰਮ ਦੇ ਦਾਇਰੇ 'ਚ ਰਹਿ ਕੇ ਜਥੇਦਾਰ ਨੇ ਇਹ ਬਿਆਨ ਦਿੱਤਾ ਹੈ। ਦੂਜੇ ਪਾਸੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਥੇਦਾਰ ਦੇ ਬਿਆਨ ਦੀ ਖੁੱਲ੍ਹ ਕੇ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਜਥੇਦਾਰ ਸਵਾਲ ਕੀਤਾ ਸੀ ਕਿ ਸਿੱਖਾਂ ਨੂੰ ਕਿਹੜਾ ਖਤਰਾ ਹੈ ਜੋ ਹਥਿਆਰ ਰੱਖਣ ਦੀ ਲੋੜ ਹੈ।


 

ਦਰਅਸਲ 'ਚ ਸ੍ਰੀ ਅਕਾਲ ਤਖ਼ਤ ਸਾਹਿਬ ( AKal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ 'ਤੇ ਸਿੱਖ ਸੰਗਤ ਨੂੰ ਸੰਦੇਸ਼ ਦਿੰਦਿਆਂ ਉਨ੍ਹਾਂ ਵੱਲੋਂ ਲੜੀਆਂ ਗਈਆਂ ਜੰਗਾਂ ਦਾ ਜ਼ਿਕਰ ਕਰਦਿਆਂ ਸਿੱਖ ਕੌਮ ਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ।


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣੇ ਚਾਹੀਦੇ ਹਨ। ਅੱਜ ਲੋੜ ਹੈ ਕਿ ਸਾਰੇ ਸਿੱਖ ਬਾਣੀ ਤੇ ਬਾਣੇ ਨਾਲ ਜੁੜਨ, ਸਾਰੇ ਹਥਿਆਰਬੰਦ ਹੋ ਕੇ ਅੱਜ ਦੇ ਯੁੱਗ ਦੇ ਆਧੁਨਿਕ ਹਥਿਆਰਾਂ ਨੂੰ ਕਾਨੂੰਨੀ ਤੌਰ 'ਤੇ ਆਪਣੇ ਕੋਲ ਰੱਖਣ।

 

ਓਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਅਕਾਲ ਤਖ਼ਤ ਦੇ ਇਸ ਬਿਆਨ ਉੱਤੇ ਟਵੀਟ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਸਰਬੱਤ ਦਾ ਭਲਾ ਮੰਗਣ ਵਾਲੇ ਗੁਰਬਾਣੀ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਬਾਰੇ ਆਖਣਾ ਚਾਹੀਦਾ ਹੈ ਨਾ ਕਿ ਹਥਿਆਰਾਂ ਬਾਰੇ। ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ।''