Punjab News: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਹਲਚਲ ਵਧਦੀ ਜਾ ਰਹੀ ਹੈ। ਪੰਜਾਬ ਕਾਂਗਰਸ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਹਮਲਾਵਰ ਬਣ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਕਿਹਾ,"ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਵੀ ਸਹੀ ਕਾਨੂੰਨੀ ਰਾਹ ਅਪਣਾਏ ਬਿਨਾਂ। ਪੰਜਾਬ ਕਾਂਗਰਸ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਵਿਰੁੱਧ ਪੂਰੀ ਤਾਕਤ ਨਾਲ ਲੜੇਗੀ।"
ਤੜਕਸਾਰ ਹੋਈ ਕੁਲਬੀਰ ਜ਼ੀਰਾ ਦੀ ਗ੍ਰਿਫ਼ਤਾਰੀ
ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਮੰਗਲਵਾਰ ਸਵੇਰੇ 5 ਵਜੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ 'ਤੇ ਕੁਝ ਦਿਨ ਪਹਿਲਾਂ ਬੀਡੀਪੀਓ ਦਫ਼ਤਰ ਦੇ ਅੰਦਰ ਧਰਨਾ ਦੇਣ ਦਾ ਦੋਸ਼ ਹੈ ਜਿਸ ਤੋਂ ਬਾਅਦ ਸਾਬਕਾ ਵਿਧਾਇਕ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਕੁਲਬੀਰ ਜ਼ੀਰਾ ਅੱਜ ਆਪਣੀ ਗ੍ਰਿਫਤਾਰੀ ਦੇਣ ਜਾ ਰਹੇ ਸਨ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਉਹ ਧੰਨ-ਧੰਨ ਬਾਬਾ ਬੁੱਢਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਉਪਰੰਤ ਆਪਣੀ ਗ੍ਰਿਫ਼ਤਾਰੀ ਦੇਣਗੇ।
ਰਾਜਾ ਵੜਿੰਗ ਨੇ 'ਆਪ' ਸਰਕਾਰ 'ਤੇ ਹਮਲਾ ਬੋਲਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਲੈ ਕੇ 'ਆਪ' ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਦੀ ਗ੍ਰਿਫ਼ਤਾਰੀ ਨਿੰਦਣਯੋਗ ਹੈ। ਇਹ ਪੰਜਾਬ ਸਰਕਾਰ ਦੀ ਘਿਨੌਣੀ ਰਾਜਨੀਤੀ ਨੂੰ ਦਰਸਾਉਂਦਾ ਹੈ। ਸਾਬਕਾ ਵਿਧਾਇਕ ਦੀ ਗ੍ਰਿਫ਼ਤਾਰੀ ਖ਼ਿਲਾਫ਼ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।