Sangrur Toxic Liquor: ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ੁੱਕਰਵਾਰ ਨੂੰ 10 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਇਸ ਤੋਂ ਇਲਾਵਾ ਸੰਗਰੂਰ ਅਤੇ ਪਟਿਆਲਾ ਵਿੱਚ 31 ਲੋਕ ਅਜੇ ਵੀ ਜ਼ੇਰੇ ਇਲਾਜ ਹਨ। ਮਰਨ ਵਾਲੇ ਜ਼ਿਆਦਾਤਰ ਲੋਕ ਸੁਨਾਮ ਹਲਕੇ ਅਧੀਨ ਪੈਂਦੇ ਟਿੱਬੀ ਰਵਿਦਾਸਪੁਰਾ ਦੇ ਵਸਨੀਕ ਸਨ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਦੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਲਈ ਆਲੋਚਨਾ ਕੀਤੀ। 



ਬਾਜਵਾ ਨੇ ਕਿਹਾ ਅਜਿਹਾ ਲੱਗਦਾ ਹੈ ਕਿ ਖੇਤਰ ਵਿੱਚ ਸਥਿਤੀ ਵਿਗੜਦੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਨੇ ਇਨ੍ਹਾਂ ਮੌਤਾਂ ਦਾ ਦੋਸ਼ ਜ਼ਹਿਰੀਲੀ ਸ਼ਰਾਬ 'ਤੇ ਲਗਾਇਆ। ਹਾਲਾਂਕਿ ਆਬਕਾਰੀ ਮੰਤਰੀ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ 'ਚ ਰੁੱਝੇ ਹੋਏ ਹਨ।


 


ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸੰਵੇਦਨਸ਼ੀਲ ਰਵੱਈਏ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਅਜੇ ਤੱਕ ਦਿੜ੍ਹਬਾ ਵਿੱਚ ਨਾਜਾਇਜ਼ ਸ਼ਰਾਬ ਕਾਰਨ ਹੋਈਆਂ ਮੌਤਾਂ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਹ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਦੀ ਚਮੜੀ ਮੋਟੀ ਹੋ ਗਈ ਹੈ। 



ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਦੀ ਪੰਜਾਬ ਦੇ ਲੋਕਾਂ ਖਾਸ ਕਰਕੇ ਸ਼ਰਾਬ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨਾਲ ਮੌਜੂਦਗੀ ਦੀ ਉਮੀਦ ਕੀਤੀ ਜਾ ਰਹੀ ਹੈ, ਉਹ 'ਆਪ' ਸੁਪਰੀਮੋ ਦੀ ਗ੍ਰਿਫਤਾਰੀ ਵਿਰੁੱਧ ਵਿਰੋਧ ਦਰਜ ਕਰਵਾਉਣ ਵਿਚ ਰੁੱਝੇ ਹੋਏ ਹਨ। ਬਾਜਵਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਹਨ। 



ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਤੁਰੰਤ ਆਬਕਾਰੀ ਮੰਤਰੀ ਦਾ ਅਸਤੀਫਾ ਲੈਣਾ ਚਾਹੀਦਾ ਹੈ ਅਤੇ ਪੀੜਤਾਂ ਨੂੰ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਵਾਲਿਆਂ ਵਿਰੁੱਧ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਇਹ ਇੱਕ ਮਿਸਾਲ ਕਾਇਮ ਕਰੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕੇਗਾ।