Punjab News: ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦੇ ਪੰਚਾਇਤੀ ਚੋਣਾਂ ਰੱਦ ਕਰਨ ਦੇ ਬਿਆਨ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਆਪ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ।
ਕੰਗ ਨੇ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ। ਇਹ ਲੋਕ ਸਾਡੇ ਨੇਤਾਵਾਂ ਅਤੇ ਉਮੀਦਵਾਰਾਂ 'ਤੇ ਗੋਲੀਆਂ ਚਲਾ ਰਹੇ ਹਨ ਤੇ ਸਾਡੇ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਰਹੇ ਹਨ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ।
ਉਨ੍ਹਾਂ ਕਿਹਾ ਕਿ ਕਾਂਗਰਸ ਇਸ ਚੋਣ ਵਿੱਚ ਕਾਫੀ ਪਿੱਛੇ ਹੈ। ਪਿੰਡਾਂ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਪੁੱਛ ਨਹੀਂ ਰਹੇ ਕਿਉਂਕਿ ਉਹ ਇਨ੍ਹਾਂ ਲੋਕਾਂ ਦੀ ਹਰਕਤਾਂ ਦੇਖ ਚੁੱਕੇ ਹਨ। ਇਸ ਵਾਰ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਸਰਪੰਚ ਬਣਾਉਣ ਦਾ ਫੈਸਲਾ ਕੀਤਾ ਹੈ। ਲੋਕ ਮਾਨ ਸਰਕਾਰ ਦਾ ਸਾਥ ਦੇ ਕੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ। ਜਿਸ ਕਾਰਨ ਅਕਾਲੀ ਦਲ ਅਤੇ ਕਾਂਗਰਸੀ ਆਗੂ ਘਬਰਾਏ ਹੋਏ ਹਨ
ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਮੇਂ ਪੰਚਾਇਤਾਂ ਵੇਚੀਆਂ ਜਾਂਦੀਆਂ ਸੀ ਅਤੇ ਚੋਣਾਂ ਵਿੱਚ ਵੱਡੇ ਪੱਧਰ ’ਤੇ ਗੁੰਡਾਗਰਦੀ ਹੰਦੀ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਕਲਚਰ ਨੂੰ ਖਤਮ ਕਰਕੇ ਚੋਣਾਂ ਨੂੰ ਹੋਰ ਪਾਰਦਰਸ਼ੀ ਬਣਾਇਆ ਹੈ। ਇਸ ਲਈ ਸਾਡੀ ਸਰਕਾਰ ਨੇ ਫੈਸਲਾ ਕੀਤਾ ਕਿ ਸਰਪੰਚ ਪਿੰਡ ਦਾ ਹੀ ਹੋਣਾ ਚਾਹੀਦਾ ਹੈ ਨਾ ਕਿ ਕਿਸੇ ਪਾਰਟੀ ਦਾ। ਇਸ ਗੱਲ ਤੋਂ ਕਾਂਗਰਸੀ ਅਤੇ ਅਕਾਲੀ ਆਗੂ ਖਿੱਝੇ ਹੋਏ ਹਨ ਅਤੇ ਪ੍ਰਤਾਪ ਬਾਜਵਾ ਨੇ ਇਹ ਸਾਬਤ ਕਰ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।