ਸ਼ੰਕਰ ਦਾਸ ਦੀ ਰਿਪੋਰਟ

ਚੰਡੀਗੜ੍ਹ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਮਾਹੌਲ ਵੀ ਕਾਫ਼ੀ ਭਖ ਗਿਆ ਹੈ। ਜਿੱਥੇ ਪੰਜਾਬ ਸਰਕਾਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕਰ ਰਹੀ ਹੈ, ਉਥੇ ਹੀ ਹੁਣ ਕਾਂਗਰਸ ਨੇ ਵੀ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪੁੱਜੇ ਹਨ। ਇਸ ਦੌਰਾਨ ਪ੍ਰਤਾਪ ਬਾਜਵਾ ਨੇ ਆਪ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਸੀਂ ਝੂਠ ਦਾ ਸਾਥ ਨਹੀਂ ਦੇਵਾਂਗੇ।

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੈਦਲ ਮਾਰਚ 'ਤੇ ਪ੍ਰਤਾਪ ਬਾਜਵਾ ਨੇ ਕਿਹਾ ਕਿ ਇਹ ਸਭ ਉਨ੍ਹਾਂ ਦਾ ਡਰਾਮਾ ਅਤੇ ਝੂਠ ਹੈ, ਆਪਣਾ ਜਲੂਸ ਖੁਦ ਕੱਢਵਾ ਰਹੇ ਹਨ। ਹੁਣ ਰਾਜਪਾਲ ਦੀ ਰਿਹਾਇਸ਼ ਵੱਲ ਜਾ ਰਹੇ ਹਨ ਪਰ ਉੱਥੇ ਜਲ ਤੋਪਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਮੈਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਸਬੰਧੀ ਰਾਜਪਾਲ ਨੂੰ ਪੱਤਰ ਲਿਖਿਆ ਸੀ ਤੇ ਮੈਂ ਉਨ੍ਹਾਂ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਕਾਨੂੰਨੀ ਸਲਾਹ ਲੈ ਕੇ ਇਸ ਸੈਸ਼ਨ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਢੇ 3 ਵਜੇ ਇੱਕ ਪ੍ਰੈਸ ਕਾਨਫਰੰਸ ਕਰ ਰਹੇ ਹਾਂ ਅਤੇ ਅੱਗੇ ਦੀ ਰਣਨੀਤੀ ਬਣਾਵਾਂਗੇ।

ਦੱਸ ਦੇਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ (AAP ) ਦੀ ਸਰਕਾਰ ਤੇ ਰਾਜਪਾਲ ਵਿਚਾਲੇ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਜਿੱਥੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨੇ ਵਿਰੋਧ ਜਤਾਇਆ ਹੈ। ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਤੇ ਸਾਰੇ ਵਿਧਾਇਕਾਂ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਬਾਅਦ ਸੀਐਮ ਮਾਨ ਨੇ ਦੱਸਿਆ ਕਿ ਕੈਬਨਿਟ ਨੇ ਸਰਬਸੰਮਤੀ ਨਾਲ 27 ਸਤੰਬਰ ਨੂੰ ਮੁੜ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਸੈਸ਼ਨ ਵਿੱਚ ਬਿਜਲੀ ਤੇ ਪਰਾਲੀ ਦੇ ਮੁੱਦੇ ਵਿਚਾਰੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸੈਸ਼ਨ ਸੱਦਣ ਦੀ ਇਜਾਜ਼ਤ ਦੇਣ ਤੋਂ ਬਾਅਦ ਸੈਸ਼ਨ ਨੂੰ ਰੱਦ ਕਰਨਾ ਬਹੁਤ ਦੁਖਦਾਈ ਘਟਨਾ ਹੈ।

ਜ਼ਿਕਰਯੋਗ ਹੈ ਕਿ ਅਪਰੇਸ਼ਨ ਲੋਟਸ ਖਿਲਾਫ਼ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਜਿਸ ਨੂੰ ਬੀਤੇ ਕੱਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ‘ਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜੋ ਵਿਸ਼ਵਾਸ ਮਤ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਇਜਾਜ਼ਤ ਦਿੰਦਾ ਹੋਵੇ। ਸੈਸ਼ਨ ਬੁਲਾਉਣ ਸਬੰਧੀ ਰਾਜਪਾਲ ਦਫ਼ਤਰ ਵੱਲੋਂ ਪਹਿਲਾਂ ਕਾਨੂੰਨੀ ਸਲਾਹ ਲਈ ਗਈ, ਜਿਸ ਤੋਂ ਬਾਅਦ ਹੁਕਮ ਜਾਰੀ ਕੀਤੇ ਗਏ।