ਚੰਡੀਗੜ੍ਹ: ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election) ਲਈ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਦੱਸ ਦਈਏ ਕਿ ਪੰਜਾਬ ‘ਚ ਇੱਕ ਫੇਸ ‘ਚ ਹੀ 20 ਫਰਵਰੀ ਨੂੰ ਚੋਣਾਂ ਹੋਣਗੀਆਂ। ਇਸ ਦੇ ਨਾਲ ਹੀ ਹਰ ਪਾਰਟੀ ਆਪਣੇ ਉਮੀਦਵਾਰਾਂ ਦਾ ਅਤੇ ਵੋਟਰਾਂ ਨੂੰ ਖੁਸ਼ ਕਰਨ ਲਈ ਐਲਾਨ ਕਰ ਰਹੀ ਹੈ। ਸੂਬੇ ‘ਚ 10 ਮਾਰਚ ਨੂੰ ਚੋਣਾਂ ਦੇ ਨਤੀਜਿਆਂ ਦਾ ਐਲਾਨ ਕਰੇਗੀ।
ਬਾਜਵਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਆਦੇਸ਼ ਸ਼ਾਸਤਰੀ ਦੇ ਨਾਲ ਚੰਡੀਗੜ੍ਹ ਸੈਕਟਰ-15 ਸਥਿਤ ਪੰਜਾਬ ਕਾਂਗਰਸ ਦੇ ਮੁੱਖ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਬਾਰੇ ਖੁਲਾਸਾ ਕੀਤਾ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ ਚਾਰ ਮਹੀਨਿਆਂ 'ਚ 100 ਵਾਅਦੇ ਪੂਰੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਪਰ ਕਿਸਾਨਾਂ ਦੀ ਹਾਲਤ ਚੰਗੀ ਨਹੀਂ ਹੈ। ਪ੍ਰਤਾਪ ਸਿੰਘ ਕੈਰੋਂ ਨੇ ਤਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਹਰੀ ਕ੍ਰਾਂਤੀ ਲਿਆਂਦੀ ਸੀ। ਅਜਿਹੇ ਵਿੱਚ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਕੇਂਦਰ ਵੀ ਖੇਤੀਬਾੜੀ ਹੀ ਹੋਵੇਗਾ। ਇਸ ਤਹਿਤ ਜਿੱਥੇ ਖੇਤੀ ਵਿਭਿੰਨਤਾ 'ਤੇ ਜ਼ੋਰ ਦਿੱਤਾ ਜਾਵੇਗਾ, ਉੱਥੇ ਸੂਬੇ 'ਚ ਦੂਜੀ ਹਰੀ ਕ੍ਰਾਂਤੀ ਲਿਆਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਕਾਂਗਰਸ ਦੀ ਦੂਜੀ ਸਭ ਤੋਂ ਵੱਡੀ ਤਰਜੀਹ ਹੋਵੇਗੀ। ਅੱਜ ਸੂਬੇ ਦੇ ਨੌਜਵਾਨ ਚੰਗੇ ਕੈਰੀਅਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾ ਰਹੇ ਹਨ, ਜਿਸ ਲਈ ਉਨ੍ਹਾਂ ਦੇ ਪਰਿਵਾਰ ਆਪਣੀਆਂ ਜ਼ਮੀਨਾਂ ਵੀ ਵੇਚਣ ਲਈ ਮਜਬੂਰ ਹਨ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਇੱਕ ਦਿਨ ਪੰਜਾਬੀ ਆਪਣੇ ਹੀ ਪੰਜਾਬ ਵਿੱਚ ਘੱਟ ਗਿਣਤੀ ਬਣ ਜਾਣਗੇ। ਕਾਂਗਰਸ ਪਾਰਟੀ ਦਾ ਚੋਣ ਮਨੋਰਥ ਪੱਤਰ ਵੀ ਮਹਿਲਾ ਸਸ਼ਕਤੀਕਰਨ 'ਤੇ ਜ਼ੋਰ ਦੇਵੇਗਾ। ਕਾਂਗਰਸ ਪਾਰਟੀ ਦੀਆਂ ਨੀਤੀਆਂ ਕਾਰਨ ਅੱਜ ਔਰਤਾਂ ਆਈਏਐਸ, ਆਈਪੀਐਸ, ਐਨਡੀਏ ਸਮੇਤ ਰਾਸ਼ਟਰੀ ਪੱਧਰ ਦੀਆਂ ਸੇਵਾਵਾਂ ਵਿੱਚ ਹਿੱਸਾ ਲੈ ਰਹੀਆਂ ਹਨ।
ਨਾਲ ਹੀ ਉਨ੍ਹਾਂ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਪਾਰਟੀ ਦੀ ਰਣਨੀਤੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਸਰਕਾਰ ਉਦਯੋਗਾਂ ਨੂੰ ਰਿਆਇਤਾਂ ਦੇਵੇਗੀ, ਜਿਸ ਨਾਲ ਸੂਬੇ ਵਿੱਚ ਆਰਥਿਕ ਵਿਕਾਸ ਦੇ ਨਾਲ-ਨਾਲ ਸਨਅਤਾਂ ਵਧਣ-ਫੁੱਲਣ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਬਾਜਵਾ ਨੇ ਖੁਲਾਸਾ ਕੀਤਾ ਕਿ ਮੈਨੀਫੈਸਟੋ ਕਮੇਟੀ ਵੱਲੋਂ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਪਾਰਟੀ ਦਾ ਮੈਨੀਫੈਸਟੋ ਜਲਦ ਹੀ ਪੇਸ਼ ਕੀਤਾ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin