ਚੰਡੀਗੜ੍ਹ : ਕਾਂਗਰਸੀਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਐਮਪੀ ਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਨੀਤ ਨੂੰ ਕਾਂਗਰਸ ਤੋਂ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਮਤਾ ਵੀ ਪਾਸ ਕੀਤਾ ਗਿਆ ਸੀ। ਇਸ ਮੀਟਿੰਗ ਵਿੱਚ ਹਰੀਸ਼ ਚੌਧਰੀ , ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਮੌਜੂਦ ਸਨ।
ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੀ ਹੈ। ਮੀਟਿੰਗ ਵਿੱਚ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ।
ਦਰਅਸਲ 'ਚ ਜੇਕਰ ਕਾਂਗਰਸ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੱਢ ਦਿੰਦੀ ਹੈ ਤਾਂ ਉਨ੍ਹਾਂ ਦਾ ਸੰਸਦ ਮੈਂਬਰ ਦਾ ਅਹੁਦਾ ਬਰਕਰਾਰ ਰਹੇਗਾ। ਦੂਜੇ ਪਾਸੇ ਜੇਕਰ ਉਹ ਖੁਦ ਕਾਂਗਰਸ ਛੱਡ ਦਿੰਦੇ ਹਨ ਤਾਂ ਨਿਰਧਾਰਤ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਸੰਸਦ ਮੈਂਬਰ ਦਾ ਅਹੁਦਾ ਛੱਡਣਾ ਪਵੇਗਾ। ਇਸ ਕਾਰਨ ਕਾਂਗਰਸ ਉਨ੍ਹਾਂ ਨੂੰ ਹਟਾਉਣ ਦੇ ਸਮਰੱਥ ਨਹੀਂ ਹੈ ਅਤੇ ਪ੍ਰਨੀਤ ਖੁਦ ਪਾਰਟੀ ਨਹੀਂ ਛੱਡ ਰਹੇ ਹਨ।
ਓਧਰ ਦੂਜੇ ਪਾਸੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਕੋਲ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਨਹੀਂ ਹੈ। ਜਦੋਂ ਤੱਕ ਮੈਂ ਸੰਸਦ ਮੈਂਬਰ ਹਾਂ, ਮੈਂ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹਾਂ। ਇਸ ਸਬੰਧੀ ਪਾਰਟੀ ਹਾਈਕਮਾਂਡ ਹੀ ਕੋਈ ਫੈਸਲਾ ਲੈ ਸਕਦੀ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਚੋਣਾਂ ਤੋਂ 3 ਮਹੀਨੇ ਪਹਿਲਾਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕੈਪਟਨ ਨੇ ਪੰਜਾਬ ਲੋਕ ਕਾਂਗਰਸ ਦੇ ਨਾਂ ਨਾਲ ਨਵੀਂ ਪਾਰਟੀ ਬਣਾਈ ਹੈ। ਫਿਰ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਪਰ ਆਪਣੇ ਉਮੀਦਵਾਰਾਂ ਦੇ ਨਾਲ-ਨਾਲ ਕੈਪਟਨ ਖੁਦ ਵੀ ਹਾਰ ਗਏ। ਭਾਜਪਾ ਨੂੰ ਵੀ ਸਿਰਫ਼ 2 ਸੀਟਾਂ ਮਿਲੀਆਂ ਹਨ। ਹੁਣ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰਨ ਦੀ ਚਰਚਾ ਹੈ। ਇਸ ਦੇ ਨਾਲ ਹੀ ਸੰਗਠਨ 'ਚ ਬਦਲਾਅ ਦੌਰਾਨ ਕੈਪਟਨ ਨੂੰ ਭਾਜਪਾ 'ਚ ਵੀ ਅਹਿਮ ਜ਼ਿੰਮੇਵਾਰੀ ਮਿਲ ਸਕਦੀ ਹੈ।