ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਲੀਡਰ ਅਕਸਰ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਜਾ ਕੇ ਸਿੱਖਿਆ, ਸਿਹਤ ਤੇ ਹੋਰ ਸਰਕਾਰੀ ਮਹਿਕਮਿਆਂ ਦੇ ਕੰਮ ਵੇਖਣ ਲਈ ਕਹਿੰਦੇ ਹਨ ਪਰ ਹੁਣ ਕਾਂਗਰਸੀ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਯੋਜਨਾ ਤੋਂ ਵਾਕਫ਼ ਕਰਵਾਉਣ ਲਈ 23 ਜਨਵਰੀ ਨੂੰ ਬਠਿੰਡਾ ਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ’ਚ ਕਰਵਾਏ ਜਾ ਰਹੇ ਕਰਜ਼ਾ ਮੁਆਫੀ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਸਿਰ ’ਤੇ ਆਉਣ ਕਾਰਨ ਹੁਣ ਕੇਜਰੀਵਾਲ ਨੂੰ ਪੰਜਾਬ ਯਾਦ ਆ ਗਿਆ ਹੈ। ਪੰਜਾਬ ਹਿਤੈਸ਼ੀ ਹੋਣ ਦਾ ਢਕਵੰਜ ਕਰ ਰਹੇ ਕੇਜਰੀਵਾਲ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਸਰਕਾਰ ਸਮੇਂ ਵਿਧਾਨ ਸਭਾ ਵਿੱਚ ਪਾਣੀਆਂ ਸਬੰਧੀ ਹੋਏ ਸਮਝੌਤੇ ਰੱਦ ਕਰਕੇ ਇਤਿਹਾਸਕ ਫ਼ੈਸਲਾ ਕੀਤਾ ਸੀ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹੁਣ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਯੋਜਨਾ ਲਿਆਂਦੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੇ ਕਰਜ਼ਾ ਮੁਆਫੀ ਦੇ ਅੰਕੜਿਆਂ ਦਾ ਹਾਲੇ ਵੀ ਨਹੀਂ ਪਤਾ ਲੱਗਿਆ ਤਾਂ ਉਹ ਨਿੱਜੀ ਤੌਰ ’ਤੇ 'ਆਪ' ਸੁਪਰੀਮੋ ਨੂੰ ਸੱਦਾ ਦਿੰਦੇ ਹਨ ਕਿ ਉਹ ਕਰਜ਼ਾ ਮੁਆਫੀ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਦੇਖ ਲੈਣ।