ਅੰਮ੍ਰਿਤਸਰ: ਕਾਂਗਰਸ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅੱਜ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਵਿੱਚ ਕੁੱਦ ਪਏ ਹਨ ਅਤੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ 'ਤੇ ਵੱਡੇ ਹਮਲੇ ਵੀ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਬੀਰ ਸਿੰਘ ਬੁਲਾਰੀਆਂ ਨੇ ਹਿੰਮਤ ਸਿੰਘ ਵੱਲੋਂ ਤਿੰਨ ਅਕਤੂਬਰ 2017 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਦਿੱਤੇ ਅਸਤੀਫੇ ਦੀਆਂ ਕਾਪੀਆਂ ਵਿਖਾਈਆਂ। ਉਨ੍ਹਾਂ ਕਿਹਾ ਕਿ ਜਿਸ ਵੇਲੇ ਅਸਤੀਫ਼ਾ ਦਿੱਤਾ ਗਿਆ ਸੀ ਉਦੋਂ ਹਿੰਮਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਖਿਲਾਫ ਰੱਜ ਕੇ ਭੜਾਸ ਕੱਢੀ ਸੀ। ਉਨ੍ਹਾਂ ਦੱਸਿਆ ਕਿ ਉਦੋਂ ਹਿੰਮਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰਕਾਸ਼ ਸਿੰਘ ਬਾਦਲ ਬਾਰੇ ਲਿਖਿਆ ਸੀ।
ਬੁਲਾਰੀਆ ਨੇ ਪ੍ਰੈਸ ਕਾਨਫ਼ਰੰਸ ਵਿੱਚ ਏਬੀਪੀ ਸਾਂਝਾ ਦੀ ਗਿਆਨੀ ਗੁਰਮੁਖ ਸਿੰਘ ਸਬੰਧੀ ਵਿਸ਼ੇਸ਼ ਰਿਪੋਰਟ ਨੂੰ ਦਿਖਾ ਕੇ ਪਿਛਲੇ ਸਾਲ ਦੌਰਾਨ ਵਾਪਰੇ ਘਟਨਾਕ੍ਰਮ ਬਾਰੇ ਚਾਣਨਾ ਪਾਇਆ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਹਿੰਮਤ ਸਿੰਘ ਦੇ ਭਰਾ ਨੂੰ ਹੈੱਡ ਗ੍ਰੰਥੀ ਥਾਪ ਦਿੱਤਾ ਹੈ ਤਾਂ ਉਹ ਆਪਣੇ ਬਿਆਨਾਂ ਤੋਂ ਮੁੱਕਰ ਗਏ। ਇੰਦਰਬੀਰ ਸਿੰਘ ਬੁਲਾਰੀਆ ਨੇ ਖੁਲਾਸਾ ਕੀਤਾ ਕਿ ਜਨਵਰੀ 2015 ਵਿੱਚ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਲਈ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਉਨ੍ਹਾਂ ਦੀ ਹਾਜ਼ਰੀ ਵਿੱਚ ਹੀ ਦਿੱਤੇ ਸਨ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਬਾਰੇ ਬੋਲਦਿਆਂ ਬੁਲਾਰਿਆ ਨੇ ਕਿਹਾ ਕਿ ਮੋਹਨ ਭਾਗਵਤ ਦੇ ਹੁਕਮਾਂ ਦੇ ਨਾਲ ਹਰਸਿਮਰਤ ਨੂੰ ਕੇਂਦਰੀ ਮੰਤਰੀ ਬਣਾਇਆ ਗਿਆ ਸੀ। ਉਨ੍ਹਾਂ ਮਜੀਠੀਆ ਨੂੰ ਚੈਲੇਂਜ ਕੀਤਾ ਕਿ ਵਿਧਾਨ ਸਭਾ ਇਜਲਾਸ ਵਿੱਚ ਉਹ ਤਿਆਰੀ ਕਰਕੇ ਆਉਣ ਪਤਾ ਲੱਗ ਜਾਏਗਾ ਕਿ ਐਂਬੂਲੈਂਸ ਦੀ ਲੋੜ ਕਿਸ ਨੂੰ ਪੈਂਦੀ ਹੈ।