ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਸੂਬੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ। ਇਸ ਮੁਲਾਕਾਤ ਤੋਂ ਬਾਅਦ ਬਿੱਟੂ ਨੇ ਟਵੀਟ ਕੀਤਾ, "ਅੱਜ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਮਿਲੇ ਅਤੇ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕੀਤੀ।"


ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਪੋਤਰੇ ਬਿੱਟੂ ਨੇ ਪ੍ਰਧਾਨ ਮੰਤਰੀ ਨਾਲ ਸੰਸਦ ਭਵਨ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਬਿੱਟੂ ਨੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਤੋਂ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਸਮਾਂ ਮੰਗਿਆ ਸੀ।


ਮੁਲਾਕਾਤ ਬਾਰੇ ਅਟਕਲਾਂ
ਭਾਵੇਂ ਰਵਨੀਤ ਸਿੰਘ ਬਿੱਟੂ ਨੇ ਇਸ ਮੀਟਿੰਗ ਨੂੰ ਪੰਜਾਬ ਦੇ ਮਸਲਿਆਂ ਨਾਲ ਸਬੰਧਤ ਦੱਸਿਆ ਪਰ ਸਿਆਸੀ ਗਲਿਆਰਿਆਂ ਵਿੱਚ ਕਈ ਅਟਕਲਾਂ ਵੀ ਲਾਈਆਂ ਜਾ ਰਹੀਆਂ ਹਨ। ਕਈ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਪੰਜਾਬ 'ਚ ਕਾਂਗਰਸ ਦੀ ਵੱਡੀ ਹਾਰ ਤੋਂ ਬਾਅਦ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਪਾਰਟੀ ਦੇ ਕੁਝ ਆਗੂ ਨਾਰਾਜ਼ ਹਨ ਅਤੇ ਹੋ ਸਕਦਾ ਹੈ ਕਿ ਉਹ ਪਾਸਾ ਵੱਟ ਲੈਣ। ਹਾਲਾਂਕਿ ਪਾਰਟੀ ਦੇ ਕਿਸੇ ਵੀ ਆਗੂ ਨੇ ਇਨ੍ਹਾਂ ਅਟਕਲਾਂ 'ਤੇ ਮੋਹਰ ਨਹੀਂ ਲਾਈ ਹੈ।