ਸੋਮਵਾਰ ਸ਼ਾਮ ਤੋਂ ਹੀ ਵਿਧਾਨ ਸਭਾ ਹਾਲ ਦੇ ਅੰਦਰ ਧਰਨੇ 'ਤੇ ਬੈਠੇ ਕਾਂਗਰਸੀ ਵਿਧਾਇਕਾਂ ਨੇ ਬੁੱਧਵਾਰ ਸਵੇਰੇ 10 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਕਰ ਦਿੱਤਾ। ਕਾਂਗਰਸੀ ਵਿਧਾਇਕਾਂ ਨੇ ਬੇਭਰੋਸਗੀ ਮਤੇ 'ਤੇ ਬਹਿਸ ਦੀ ਮੰਗ ਕਰਦੇ ਹੋਏ ਸਦਨ ਦੀ ਕਾਰਵਾਈ ਦਾ ਵਿਰੋਧ ਕੀਤਾ। ਕਾਂਗਰਸੀ ਵਿਧਾਇਕਾਂ ਨੇ ਇਸ ਪ੍ਰਦਰਸ਼ਨ ਦੌਰਾਨ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਕੁਰਸੀ ਵੱਲ ਕਾਗਜ਼ ਵੀ ਸੁੱਟੇ।
ਕਾਂਗਰਸੀ ਵਿਧਾਇਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਆਖਰੀ ਦਿਨ ਸਪੀਕਰ ਵੱਲੋਂ ਪ੍ਰਸ਼ਾਨ ਕਾਲ 'ਤੇ ਧਿਆਨ ਦਿਵਾਉ ਮਤੇ ਮੁਅੱਤਲ ਕਰ ਦਿੱਤੇ ਗਏ ਹਨ ਪਰ ਕਾਂਗਰਸ ਦੇ ਵਿਰੋਧ ਦੇ ਬਾਵਜੂਦ ਵੀ ਸਦਨ ਦੀ ਕਾਰਵਾਈ ਜਾਰੀ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਹੀ ਕਈ ਬਿੱਲ ਪਾਸ ਕੀਤੇ ਗਏ ਹਨ।