Punjab News: ਪਾਰਟੀ 'ਚੋਂ ਕੱਢੇ ਜਾਣ ਮਗਰੋਂ ਰਾਜਾ ਵੜਿੰਗ 'ਤੇ ਵਰ੍ਹੇ ਕਮਲਜੀਤ ਬਰਾੜ, ‘ਆਪ’ ਜਾਂ ਭਾਜਪਾ 'ਚ ਜਾਣ ਤੋਂ ਇਨਕਾਰ
Punjab News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪੱਖ ਵਿੱਚ ਡਟਣ ਕਰਕੇ ਪਾਰਟੀ ਵਿੱਚੋਂ ਕੱਢਣ ਮਗਰੋਂ ਮੋਗਾ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੂੰ ਘੇਰਿਆ ਹੈ।
Punjab News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪੱਖ ਵਿੱਚ ਡਟਣ ਕਰਕੇ ਪਾਰਟੀ ਵਿੱਚੋਂ ਕੱਢਣ ਮਗਰੋਂ ਮੋਗਾ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੂੰ ਘੇਰਿਆ ਹੈ। ਕਮਲਜੀਤ ਬਰਾੜ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਨੇ ਨਹੀਂ, ਸਗੋਂ ਰਾਜਾ ਵੜਿੰਗ ਨੇ ਪਾਰਟੀ ਵਿੱਚੋਂ ਕੱਢਿਆ ਹੈ।
ਪਾਰਟੀ ਵਿੱਚੋਂ ਕੱਢੇ ਜਾਣ ਮਗਰੋਂ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਹਲਕੇ ਵਿੱਚ ਕਾਂਗਰਸ ਜਿਊਂਦੀ ਰੱਖੀ ਤੇ ਕਾਨਫਰੰਸਾਂ ਵਿੱਚ ਸਭ ਤੋਂ ਵੱਧ ਇਕੱਠ ਜੁਟਾਇਆ। ਕਮਲਜੀਤ ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਧਰਮਾਂ ਦਾ ਸਤਿਕਾਰ ਕਰਨ ਵਾਲੀ ਪਾਰਟੀ ਹੈ ਤੇ ਉਨ੍ਹਾਂ ਪਾਰਟੀ ਨੂੰ ਨਹੀਂ ਛੱਡਿਆ। ਉਨ੍ਹਾਂ ‘ਆਪ’ ਜਾਂ ਭਾਜਪਾ ਵਿੱਚ ਚਲੇ ਜਾਣ ਬਾਰੇ ਸੋਚਣ ਤੋਂ ਵੀ ਇਨਕਾਰ ਕਰ ਦਿੱਤਾ ਹੈ।
ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਮੋਗਾ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਕਮਲਜੀਤ ਬਰਾੜ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦਾ ਸਪੁੱਤਰ ਹੈ।
ਹਾਸਲ ਜਾਣਕਾਰੀ ਅਨੁਸਾਰ ਕਮਲਜੀਤ ਬਰਾੜ ਨੇ ਪਿਛਲੇ ਸਮੇਂ ਦੌਰਾਨ ਕਈ ਵਾਰ ਅਕਸਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਮੁਹਿੰਮ ਦੇ ਪੱਖ ਵਿੱਚ ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ, ਜਿਸ ਕਰਕੇ ਉਸ ਨੂੰ ਪਾਰਟੀ ਤੋਂ ਵੱਖ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਕਾਂਗਰਸ ਨੇ ਕਮਲਜੀਤ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਉਸ ਦੀ ਥਾਂ ਧਰਮਕੋਟ ਤੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ ਤੇ ਹੁਣ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਇਸ ਤੋਂ ਪਹਿਲਾਂ ਕਮਲਜੀਤ ਨੇ ਨਰਿੰਦਰ ਪਾਲ ਲਾਲੀ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਬਾਹਰ ਕੱਢਣ ’ਤੇ ਵੀ ਰਾਜਾ ਵੜਿੰਗ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਉਸ ਨੇ ਦਲੀਲ ਦਿੱਤੀ ਸੀ ਕਿ ਜੇਕਰ ਕੋਈ ਨੌਜਵਾਨ ਪਾਰਟੀ ਵਿੱਚ ਰਹਿੰਦਾ ਹੋਇਆ ਸਿੱਖੀ ਦੀ ਗੱਲ ਕਰਦਾ ਜਾਂ ਭਾਈ ਅਮ੍ਰਿੰਤਪਾਲ ਸਿੰਘ ਦੇ ਚੰਗੇ ਵਿਚਾਰਾਂ ਨੂੰ ਪ੍ਰਚਾਰਦਾ ਹੈ ਤਾਂ ਇਸ ਵਿੱਚ ਗ਼ਲਤ ਕੀ ਹੈ। ਦੋਵੇਂ ਆਗੂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ।