Rahul Gandhi Latest News: ਕਾਂਗਰਸ ਨੇਤਾ ਰਾਹੁਲ ਗਾਂਧੀ(Rahul Gandhi) ਵੱਲੋਂ ਅਮਰੀਕਾ ਵਿੱਚ ਸਿੱਖ ਭਾਈਚਾਰੇ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਦਾ ਮਾਮਲਾ ਹੌਲੀ-ਹੌਲੀ ਗਰਮ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Channi) ਨੇ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਭਾਜਪਾ ਸਿੱਖਾਂ ਦੀ ਆੜ ਵਿੱਚ ਰਾਹੁਲ ਗਾਂਧੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਜੋ ਵੀ ਕਿਹਾ ਹੈ ਅਸੀਂ ਉਸ ਦੇ ਨਾਲ ਹਾਂ। ਭਾਜਪਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰੇ। ਭਾਜਪਾ ਸਿੱਖਾਂ ਦੀ ਆੜ ਵਿੱਚ ਰਾਹੁਲ ਗਾਂਧੀ ਜੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਰਾਹੁਲ ਜੀ ਦੇ ਖਿਲਾਫ ਲਗਾਤਾਰ ਬੋਲ ਰਹੀ ਹੈ, ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਰਾਹੁਲ ਗਾਂਧੀ ਨੂੰ ਦਿੱਤੀ ਧਮਕੀ ਲੋਕਤੰਤਰੀ ਪ੍ਰਣਾਲੀ ਲਈ ਠੀਕ ਨਹੀਂ
ਉਨ੍ਹਾਂ ਅੱਗੇ ਕਿਹਾ, ''ਰਾਹੁਲ ਗਾਂਧੀ ਨੂੰ ਧਮਕੀਆਂ ਦੇਣਾ ਭਾਰਤ ਦੀ ਲੋਕਤੰਤਰ ਪ੍ਰਣਾਲੀ ਲਈ ਠੀਕ ਨਹੀਂ ਹੈ। ਉਨ੍ਹਾਂ ਨੂੰ ਸੋਚਣਾ ਹੋਵੇਗਾ ਕਿ ਭਾਜਪਾ ਸਰਕਾਰ ਦੇਸ਼ ਨੂੰ ਕਿਸ ਦਿਸ਼ਾ ਵੱਲ ਲਿਜਾ ਰਹੀ ਹੈ। ਰਾਹੁਲ ਗਾਂਧੀ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਸੀ।
ਦੇਸ਼ ਦੇ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼-ਚੰਨੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਕੁਝ ਦੇਸ਼ ਦੇ ਮੁੱਖ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੀਤਾ ਜਾ ਰਿਹਾ ਹੈ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਪੰਜਾਬ ਨੂੰ ਬਰਬਾਦ ਕਰਨ ਲਈ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਖਿਲਾਫ ਕਾਲੇ ਕਾਨੂੰਨ ਲਿਆਏ।
ਉਨ੍ਹਾਂ ਅੱਗੇ ਕਿਹਾ, “ਸਰਕਾਰ ਚਾਹੁੰਦੀ ਹੈ ਕਿ ਇਸ ਪੰਜਾਬ ਵਿੱਚ ਖੇਤੀ ਨਾ ਹੋਵੇ, ਇਸ ਲਈ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਨ੍ਹਾਂ ਦੇ ਕਾਰੋਬਾਰ ਬਰਬਾਦ ਹੋ ਰਹੇ ਹਨ। ਉਨ੍ਹਾਂ ਦੀਆਂ ਫ਼ਸਲਾਂ ਦੀ ਚੁਕਾਈ ਨਹੀਂ ਹੋ ਰਹੀ। ਇਹ ਸਾਰਾ ਮਾਮਲਾ ਪੰਜਾਬ, ਪੰਜਾਬੀਅਤ ਅਤੇ ਸਿੱਖਾਂ ਨੂੰ ਤਬਾਹ ਕਰਨ ਦੀ ਵੱਡੀ ਸਾਜ਼ਿਸ਼ ਹੈ।