Punjab By-Election: ਬਰਨਾਲਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਐਕਟਿਵ, ਕਾਲਾ ਢਿੱਲੋਂ ਦੇ ਹੱਕ 'ਚ ਵੱਡੇ ਆਗੂਆਂ ਵੱਲੋਂ ਚੋਣ ਪ੍ਰਚਾਰ, ਜਿੱਤ ਦਾ ਠੋਕਿਆ ਵੱਡਾ ਦਾਅਵਾ
Punjab News: ਬਰਨਾਲਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਐਕਟਿਵ ਹੋ ਗਈ ਹੈ। ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ 'ਚ ਵੱਡੇ ਆਗੂਆਂ ਵੱਲੋਂ ਚੋਣ ਪ੍ਰਚਾਰ, ਕਾਨੂੰਨ ਵਿਵਸਥਾ ਤੋਂ ਲੈ ਕੇ ਕਿਸਾਨਾਂ ਤੱਕ 'ਤੇ ਪੰਜਾਬ ਸਰਕਾਰ ਨੂੰ ਘੇਰਿਆ
Punjab By-Election 2024: ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਪਾਰਟੀਆਂ ਸਰਗਰਮ ਹੋ ਗਈਆਂ ਹਨ। ਬਰਨਾਲਾ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਦੇ ਕਈ ਦਿੱਗਜ ਆਗੂਆਂ ਵੱਲੋਂ ਕਾਲਾ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਕਾਨੂੰਨ ਵਿਵਸਥਾ ਤੋਂ ਲੈ ਕੇ ਕਿਸਾਨਾਂ ਤੱਕ ਦੇ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ।
ਹੋਰ ਪੜ੍ਹੋ : ਜਾਣੋ ਪੰਜਾਬ ਵਿੱਚ ਕਿਸ ਦਿਨ ਹੈ ਦੀਵਾਲੀ ਦੀ ਛੁੱਟੀ? ਦੇਖੋ ਸਰਕਾਰੀ ਛੁੱਟੀਆਂ ਦਾ ਪੂਰਾ ਵੇਰਵਾ ਇੱਥੇ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਪਾਰਟੀ ਵਰਕਰਾਂ ਦੀ ਮੰਗ 'ਤੇ ਟਿਕਟ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਖਰਾਬ ਹੋ ਚੁੱਕੇ ਹਨ। ਪੰਜਾਬ ਵਿੱਚ ਸਰਕਾਰ ਦੇ ਢਾਈ ਸਾਲ ਹੋ ਗਏ ਹਨ। ਭਗਵੰਤ ਮਾਨ ਨੇ ਕੱਲ੍ਹ ਕਿਹਾ ਹੈ ਕਿ ਉਹ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦੇਣਗੇ, ਪਰ ਹੁਣ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਸਮਾਂ ਆ ਗਿਆ ਹੈ। ਕਿਉਂਕਿ ਪੂਰੇ ਪੰਜਾਬ ਵਿੱਚ ਕਿਸੇ ਵੀ ਵਿਅਕਤੀ ਦੀ ਜਾਨ ਜਾਂ ਕਾਰੋਬਾਰ ਸੁਰੱਖਿਅਤ ਨਹੀਂ ਹੈ।
ਕਾਨੂੰਨ ਵਿਵਸਥਾ ਤੇ ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ
ਪੰਜਾਬ ਵਿੱਚ ਸਰਕਾਰ ਭਗਵੰਤ ਮਾਨ ਦੀ ਨਹੀਂ, ਗੈਂਗਸਟਰਾਂ ਦੀ ਹੈ। ਰੋਜ਼ਾਨਾ ਫਿਰੌਤੀ ਮੰਗੀ ਜਾ ਰਹੀ ਹੈ ਅਤੇ ਹਮਲੇ ਕੀਤੇ ਜਾ ਰਹੇ ਹਨ। ਕੱਲ੍ਹ ਮਾਨਸਾ ਵਿੱਚ ਹਮਲੇ ਦੀ ਘਟਨਾ ਵਾਪਰੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਬਰਨਾਲਾ ਤੋਂ ਹੋਇਆ ਹੈ ਅਤੇ ਇਸ ਦੀਆਂ ਜੜ੍ਹਾਂ ਵੀ ਇਸੇ ਜ਼ਿਲ੍ਹੇ ਵਿੱਚੋਂ ਪੁੱਟੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ। ਪਰ ਕੇਜਰੀਵਾਲ ਆਪਣੇ ਮੁੱਖ ਮੰਤਰੀ ਨੂੰ ਨਸ਼ਾ ਮੁਕਤ ਨਹੀਂ ਕਰ ਸਕਿਆ, ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਤਾਂ ਗੱਲ ਹੀ ਛੱਡੋ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਵਾਅਦਾ ਖਿਲਾਫੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ।
ਇਸ ਮੌਕੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਜ਼ਿਮਨੀ ਚੋਣਾਂ ਪੰਜਾਬ ਦੀ ਸਿਆਸਤ ਦਾ ਭਵਿੱਖ ਤੈਅ ਕਰਨਗੀਆਂ। ਉਨ੍ਹਾਂ ਕਿਹਾ ਕਿ ਉਹ ਬਰਨਾਲਾ ਵਿਖੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਪ੍ਰਚਾਰ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਤੋਂ ਨਾਖੁਸ਼ ਹਨ। ਇਹ ਸਰਕਾਰ ਇਸ਼ਤਿਹਾਰਬਾਜ਼ੀ ਦੀ ਸਰਕਾਰ ਬਣ ਗਈ ਹੈ। ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ।
ਆਗੂਆਂ ਨੇ ਕਾਂਗਰਸ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ
ਮੁਲਾਜ਼ਮ ਟੈਂਕੀਆਂ ਦੇ ਉੱਪਰ ਹਨ। ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਖਰਾਬ ਹੈ। ਮੋਬਾਈਲਾਂ 'ਤੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਲਈ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਲੋਕ ਹੁਣ ਕਾਂਗਰਸ ਪਾਰਟੀ ਲਈ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਨਾਲ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਬਰਨਾਲਾ ਸਮੇਤ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਲਈ ਪਹੁੰਚ ਚੁੱਕੀ ਹੈ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਹੱਕ ਵਿੱਚ ਭੁਗਤਣ ਲਈ ਤਿਆਰ ਹਨ।