ED Raid on CM Charanjit Singh Channi Relative: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪੇ ਦੀ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸ ਨੇ ਛਾਪੇਮਾਰੀ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਇਸ ਨੂੰ ਮੁੱਖ ਮੰਤਰੀ ਚੰਨੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।


ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਵਜੋਂ ਈਡੀ ਤੇ ਹੋਰ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਕਾਰਵਾਈ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਕਾਂਗਰਸ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੀਟਿੰਗ 'ਚ ਈਡੀ ਦੇ ਛਾਪੇ ’ਤੇ ਇਤਰਾਜ਼ ਦਰਜ ਕਰਵਾਇਆ। ਕਾਂਗਰਸ ਦੇ ਵਫ਼ਦ 'ਚ ਅਭਿਸ਼ੇਕ ਮਨੂ ਸਿੰਘਵੀ, ਰਣਦੀਪ ਸੁਰਜੇਵਾਲਾ, ਹਰੀਸ਼ ਚੌਧਰੀ ਨੇ ਪਾਰਟੀ ਦਾ ਪੱਖ ਪੇਸ਼ ਕੀਤਾ।


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚੱਲ ਰਹੀ ਐਂਟੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ 'ਚ ਮਾਰੇ ਗਏ ਛਾਪਿਆਂ ਦੌਰਾਨ 10 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ। ਇਸ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਕ ਰਿਸ਼ਤੇਦਾਰ ਦੀ ਛੁਪਣਗਾਹ ਤੋਂ ਅੱਠ ਕਰੋੜ ਰੁਪਏ ਵੀ ਜ਼ਬਤ ਕੀਤੇ ਗਏ ਸਨ।


ਈਡੀ ਦੇ ਬਿਆਨ ਅਨੁਸਾਰ ਛਾਪੇਮਾਰੀ ਦੌਰਾਨ ਪੰਜਾਬ 'ਚ 'ਗੈਰ-ਕਾਨੂੰਨੀ' ਮਾਈਨਿੰਗ ਅਤੇ ਜਾਇਦਾਦ ਦੇ ਤਬਾਦਲੇ ਨਾਲ ਸਬੰਧਤ ਦਸਤਾਵੇਜ਼, ਮੋਬਾਈਲ ਫ਼ੋਨ, 21 ਲੱਖ ਰੁਪਏ ਤੋਂ ਵੱਧ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਵੀ ਜ਼ਬਤ ਕੀਤੀ ਗਈ ਹੈ।
ਈਡੀ ਦੇ ਸੂਤਰਾਂ ਨੇ ਛਾਪੇਮਾਰੀ ਦੌਰਾਨ ਮਨਮਾਨੀ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਇਹ ਵੀ ਕਿਹਾ ਗਿਆ ਸੀ ਕਿ ਮੰਗਲਵਾਰ ਨੂੰ ਸ਼ੁਰੂ ਕੀਤੀ ਗਈ ਕਾਰਵਾਈ ਕਾਨੂੰਨੀ ਪ੍ਰਕਿਰਿਆਵਾਂ ਦੇ ਬਾਅਦ ਕੀਤੀ ਗਈ ਸੀ ਅਤੇ ਇਸ ਦੌਰਾਨ ਕੋਈ ਨਿੱਜੀ ਟਿੱਪਣੀ ਜਾਂ ਧਮਕੀ ਨਹੀਂ ਦਿੱਤੀ ਗਈ ਸੀ।


ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਛਾਪੇਮਾਰੀ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਚੰਨੀ ਦੇ ਅਸਤੀਫੇ ਦੀ ਮੰਗ ਕੀਤੀ ਹੈ ਕਿਉਂਕਿ ਰਾਜ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ 'ਚ ਉਸਦੇ ਪਰਿਵਾਰਕ ਮੈਂਬਰਾਂ ਦੀ ਰੱਖਿਆ ਕੀਤੀ ਗਈ ਹੈ। ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰੋਂ ਈਡੀ ਵੱਲੋਂ ਕਰੋੜਾਂ ਰੁਪਏ ਦੀ ਨਕਦੀ ਜ਼ਬਤ ਕਰਨ ਨੇ ਸਾਡੇ ਦੋਸ਼ਾਂ ਨੂੰ ਸਹੀ ਠਹਿਰਾਇਆ ਹੈ ਕਿ ਚੰਨੀ ਸੂਬੇ ਦੇ ਸਭ ਤੋਂ ਵੱਡੇ ਰੇਤ ਮਾਈਨਿੰਗ ਮਾਫੀਆ ਦਾ ਹਿੱਸਾ ਹੈ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: