Congress raise question over AAP Rajya Sabha candidates, said they cheated Punjab
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Punjab Rajya Sabha Election: ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ 'ਤੇ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਰਾਜ ਸਭਾ ਚੋਣਾਂ ਲਈ ਹਰਭਜਨ ਸਿੰਘ, ਰਾਘਵ ਚੱਢਾ, ਸੰਜੀਵ ਅਰੋੜਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ 'ਆਪ' ਉਮੀਦਵਾਰਾਂ 'ਤੇ ਸਵਾਲ ਚੁੱਕੇ ਹਨ। ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਪਰਗਟ ਸਿੰਘ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।
ਪਰਗਟ ਸਿੰਘ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਹੈ। ਪਰਗਟ ਸਿੰਘ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਫ਼ਤਵੇ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ, ''ਅਰਵਿੰਦ ਕੇਜਰੀਵਾਲ ਨੇ ਆਪਣਾ ਅਸਲੀ ਚਿਹਰਾ ਵਿਖਾ ਦਿੱਤਾ ਹੈ। ਟਿਕਟਾਂ ਲੈਣ ਵਾਲੇ ਉਮੀਦਵਾਰ ਕਦੇ ਵੀ ਪੰਜਾਬ ਦੇ ਹਿੱਤ ਵਿੱਚ ਨਹੀਂ ਖੜ੍ਹੇ ਹੋਏ। ਇਨ੍ਹਾਂ ਚੋਂ ਕੁਝ ਤਾਂ ਪੰਜਾਬ ਦੇ ਵੀ ਨਹੀਂ ਹਨ।
ਪਰਗਟ ਸਿੰਘ ਨੇ ਅੱਗੇ ਕਿਹਾ, ''ਰਾਜ ਸਭਾ ਦਾ ਗਠਨ ਇਸ ਲਈ ਕੀਤਾ ਗਿਆ ਸੀ ਕਿ ਸੂਬੇ ਦੇ ਨੁਮਾਇੰਦੇ ਉੱਥੇ ਜਾ ਕੇ ਆਪਣੇ ਸੂਬੇ ਦੇ ਹਿੱਤਾਂ ਦੀ ਗੱਲ ਕਰਨ ਪਰ ਆਮ ਆਦਮੀ ਪਾਰਟੀ ਨੇ ਜੋ ਕੀਤਾ ਹੈ ਉਹ ਪੰਜਾਬ ਦੇ ਫ਼ਤਵੇ ਦਾ ਸਿੱਧਾ ਅਪਮਾਨ ਹੈ।"
ਪੰਜ ਸੀਟਾਂ ਆਪ ਦੇ ਖਾਤੇ ਵਿੱਚ
ਇੱਕ ਹੋਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਵੀ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕੇ ਹਨ। ਸੁਖਪਾਲ ਖਹਿਰਾ ਨੇ ਕਿਹਾ, “ਆਮ ਆਦਮੀ ਪਾਰਟੀ ਵੱਲੋਂ ਚੁਣੇ ਗਏ ਉਮੀਦਵਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ। ਅਸੀਂ ਆਮ ਆਦਮੀ ਪਾਰਟੀ ਦੇ ਇਸ ਫੈਸਲੇ ਦਾ ਵਿਰੋਧ ਕਰਾਂਗੇ। ਇਹ ਵੀ ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਧੋਖਾ ਹੈ, ਜਿਨ੍ਹਾਂ ਨੇ 'ਆਪ' ਦੀ ਜਿੱਤ ਲਈ ਦਿਨ-ਰਾਤ ਕੰਮ ਕੀਤਾ।"
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ 92 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ ਪੰਜ ਰਾਜ ਸਭਾ ਸੀਟਾਂ ਜਿੱਤਣ ਵਿੱਚ ਕਾਮਯਾਬ ਹੋ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ 'ਤੇ ਭੜਕੇ ਗੌਤਮ ਗੰਭੀਰ, ਬੋਲੇ, ਪੰਜਾਬ ਸਰਕਾਰ ਕਰੇਗੀ ਖਾਲਿਸਤਾਨੀਆਂ ਦਾ ਸਮਰਥਨ