ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਵੀ ਲੋਕ ਸਭਾ ਚੋਣਾਂ ਲਈ ਕਮਰਕੱਸ ਲਈ ਹੈ। ਕਾਂਗਰਸ ਇਸ ਵਾਰ ਪੰਜਾਬ ਦੀਆਂ 13 ਸੀਟਾਂ 'ਤੇ ਹੀ ਹੂੰਝਾ ਫੇਰਨ ਦੀ ਉਮੀਦ ਲਾਈ ਬੈਠੀ ਹੈ। ਇਸ ਲਈ ਕਾਂਗਰਸ ਪੰਜਾਬ ਲਈ ਖਾਸ ਰਣਨੀਤੀ ਉਲੀਕ ਰਹੀ ਹੈ। ਹੁਣ ਤੱਕ ਦੇ ਸਰਵੇਖਣਾਂ ਵਿੱਚ ਵੀ ਇਹੀ ਸਾਹਮਣੇ ਆਇਆ ਹੈ ਕਿ ਕਾਂਗਰਸ ਦਾ ਹੱਥ ਉੱਪਰ ਹੈ। ਇਸ ਦੇ ਬਾਵਜੂਦ ਪਾਰਟੀ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ।

ਇਸ ਕਰਕੇ ਕਾਂਗਰਸ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪਾਰਟੀ ਨੂੰ ਹੇਠਲੇ ਪੱਧਰ ਸਰਗਰਮ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ। ਇਸ ਲਈ ਲਾਗਤਾਰ ਮੀਟਿੰਗਾਂ ਦਾ ਦੌਰ ਚਲਾਇਆ ਜਾ ਰਿਹਾ ਹੈ। ਵੀਰਵਾਰ ਨੂੰ ਕਾਂਗਰਸ ਦੇ ਨਵੇਂ ਲਾਏ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ’ਤੇ ਸਰਗਰਮੀਆਂ ਸ਼ੁਰੂ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਅੱਜ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕੋਲੋਂ ਹਲਕਿਆਂ ਦੀ ਰਿਪੋਰਟ ਲਈ ਗਏ ਤੇ ਖਾਸ ਹਦਾਇਤਾਂ ਕੀਤੀਆਂ ਗਈਆਂ।

ਇਸ ਦੇ ਨਾਲ ਹੀ ਕਾਂਗਰਸ ਨੇ ਉਮੀਦਵਾਰਾਂ ਦੇ ਨਾਂ ਤੈਅ ਕਰਨ ਦੀ ਵੀ ਕਵਾਇਦ ਵਿੱਢ ਦਿੱਤੀ ਹੈ। ਸੂਤਰਾਂ ਮੁਤਾਬਕ ਅਗਲੇ ਕੁਝ ਦਿਨਾਂ ਵਿੱਚ ਸੂਬੇ ਦੇ ਸਾਰੇ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਪੈਨਲ ਤਿਆਰ ਕਰਕੇ ਕਾਂਗਰਸ ਹਾਈਕਮਾਂਡ ਨੂੰ ਭੇਜੇ ਜਾਣਗੇ। ਇਸ ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੇ ਸਹਾਇਕ ਇੰਚਾਰਜ ਹਰੀਸ਼ ਚੌਧਰੀ ਦੇ ਮੀਟਿੰਗਾਂ ਵਿੱਚ ਸ਼ਾਮਲ ਨਾ ਹੋਣ ਕਰਕੇ ਕੁਝ ਦੇਰੀ ਹੋ ਰਹੀ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਆ ਹੈ ਕਿ ਨਵੇਂ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਦਾ ਮੰਤਵ ਉਨ੍ਹਾਂ ਨੂੰ ਪਾਰਟੀ ਦੇ ਕੰਮ ਕਾਜ ਤੇ ਆ ਰਹੀਆਂ ਲੋਕ ਸਭਾ ਚੋਣਾਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਟੀਚਾ ਮਿਥਿਆ ਹੈ। ਇਸ ਲਈ ਕਾਂਗਰਸ ਅਗਲੇ ਦਿਨਾਂ ਵਿੱਚ ਜ਼ੋਰਸ਼ੋਰ ਨਾਲ ਮੈਦਾਨ ਵਿੱਚ ਉੱਤਰੇਗੀ।