ਚੰਡੀਗੜ੍ਹ: ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ ਕਰਨ ਤੋਂ ਬਾਅਦ ਪਾਰਟੀ ਦਾ ਕੰਮ ਚਲਾਉਣ ਲਈ ਤਾਲਮੇਲ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਪਾਰਟੀ ਤੇ ਸਰਕਾਰ ਵਿਚਾਲੇ ਤਾਲਮੇਲ ਕਾਇਮ ਕਰੇਗੀ। ਤਾਲਮੇਲ ਕਮੇਟੀ ਦੀ ਮੁਖੀ ਪੰਜਾਬ ਦੇ ਪ੍ਰਦੇਸ਼ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਹੋਏਗੀ।

ਕਮੇਟੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਬਿਕਾ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਜੈ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਕੈਪਟਨ ਸੰਦੀਪ ਸਿੰਘ ਸੰਧੂ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਸਿੰਘ ਕੋਟਲੀ ਨੂੰ ਸ਼ਾਮਲ ਕੀਤਾ ਗਿਆ ਹੈ।

ਦੱਸ ਦਈਏ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ ਅਹੁਦੇਦਾਰਾਂ ਦੀ ਛੁੱਟੀ ਕਰ ਦਿੱਤੀ ਗਈ ਸੀ। ਸੂਬਾ ਤੇ ਜ਼ਿਲ੍ਹਾ ਪੱਧਰੀ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਸਨ।

ਉਂਝ ਸੁਨੀਲ ਜਾਖੜ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਜਾਖੜ ਦਾ ਕਹਿਣਾ ਹੈ ਕਿ ਗਾਂਧੀ ਨੇ ਸੂਬਾਈ ਕਮੇਟੀਆਂ ਨੂੰ ਉਨ੍ਹਾਂ ਦੀ ਸਿਫਾਰਸ਼ ’ਤੇ ਹੀ ਭੰਗ ਕੀਤਾ ਹੈ। ਜਲਦੀ ਹੀ ਕਾਂਗਰਸ ਦੇ ਨਵੇਂ ਅਹੁਦੇਦਾਰ ਚੁਣੇ ਜਾਣਗੇ।