Congress Ticket Formula : ਚਮਕੌਰ ਸਾਹਿਬ ਦੀ ਧਰਤੀ ਤੋਂ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰਨ ਦੇ ਸੰਕੇਤ ਦਿੱਤੇ ਹਨ। ਇੱਥੇ 'ਜਵਾਨੀ ਸੰਭਾਲ ਯਾਤਰਾ' ਅਤੇ ਸਾਈਕਲ ਯਾਤਰਾ ਦੀ ਸ਼ੁਰੂਆਤ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਸਮੇਤ ਪਾਰਟੀ ਦੇ ਕਈ ਵੱਡੇ ਆਗੂ ਪਹੁੰਚੇ। ਇਸ ਮੌਕੇ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।
ਇਕੱਠ ਨੂੰ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਹਰ ਕੋਨੇ ਤੱਕ ਪਹੁੰਚ ਕੇ ਲੋਕਾਂ ਦਾ ਭਰੋਸਾ ਜਿੱਤਣ ਲਈ ਕੰਮ ਕਰੇਗੀ। ਉਨ੍ਹਾਂ ਆਰੋਪ ਲਾਇਆ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਕਰੀਬ 300 ਲੋਕਾਂ 'ਤੇ ਗੋਲੀ ਚੱਲਣ ਦੀਆਂ ਘਟਨਾਵਾਂ ਹੋਈਆਂ ਹਨ, ਜੋ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰਦੀਆਂ ਹਨ।
ਪਾਇਲਟ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਭਾਸ਼ਣਾਂ ਅਤੇ ਨਾਅਰਿਆਂ ਦੀ ਨਹੀਂ, ਸਗੋਂ ਇਨਸਾਫ਼ ਅਤੇ ਜ਼ਮੀਨੀ ਪੱਧਰ 'ਤੇ ਕੰਮ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਮਜ਼ਬੂਤੀ ਨਾਲ ਲੋਕਾਂ ਦੇ ਮੁੱਦੇ ਚੁੱਕੇਗੀ ਅਤੇ ਸੂਬੇ ਵਿੱਚ ਮੁੜ ਸਰਕਾਰ ਬਣਾਉਣ ਲਈ ਯਤਨ ਕਰੇਗੀ।
ਇਸ ਦੌਰਾਨ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਖੁੱਲ੍ਹ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੇ ਥੋੜ੍ਹੇ ਸਮੇਂ ਵਿੱਚ ਹੀ ਪਾਰਟੀ ਦੇ ਵੱਖ-ਵੱਖ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਇੱਕ ਮੰਚ 'ਤੇ ਲਿਆਉਣ ਦਾ ਕੰਮ ਕੀਤਾ ਹੈ। ਇਸ ਨਾਲ ਪਾਰਟੀ ਵਿੱਚ ਏਕਤਾ ਦਾ ਸੁਨੇਹਾ ਗਿਆ ਹੈ।
ਟਿਕਟਾਂ ਦੀ ਵੰਡ 'ਤੇ ਵੀ ਦਿੱਤਾ ਸਪੱਸ਼ਟ ਸੰਦੇਸ਼
ਸਚਿਨ ਪਾਇਲਟ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਟਿਕਟਾਂ ਬਾਰੇ ਕਿਹਾ ਕਿ ਹਰ ਆਗੂ ਨੂੰ ਟਿਕਟ ਮੰਗਣ ਦਾ ਹੱਕ ਹੈ, ਪਰ ਪਾਰਟੀ ਟਿਕਟ ਉਸੇ ਉਮੀਦਵਾਰ ਨੂੰ ਦੇਵੇਗੀ ਜੋ ਮਿਹਨਤ ਕਰੇਗਾ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਵਿਚਕਾਰ ਕੰਮ ਕਰੇਗਾ। ਟਿਕਟਾਂ ਦੀ ਵੰਡ ਮੈਰਿਟ, ਯੋਗਤਾ ਅਤੇ ਮਿਹਨਤ ਦੇ ਆਧਾਰ 'ਤੇ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਆਪਣਾ ਰੋਡਮੈਪ ਤਿਆਰ ਕਰੇਗੀ। ਨਾਲ ਹੀ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।