ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੀ ਸੀ, ਜਿਸ ਨੂੰ ਰਾਜਪਾਲ ਨੇ ਗ਼ੈਰ ਸੰਵਿਧਾਨਿਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।ਇਸ ਮਗਰੋਂ ਕਾਂਗਰਸ ਨੇ ਵੀ ਆਪਣੀ ਪ੍ਰਤੀਕਿਰਆ ਦਿੱਤੀ ਹੈ।


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, " ਅਸੀਂ ਭਲਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਪੰਜਾਬ ਦੇ ਰਾਜਪਾਲ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਜੀ ਦਾ ਧੰਨਵਾਦ ਕਰਦੇ ਹਾਂ। ਇਹ ਆਪ ਸਰਕਾਰ ਦੀ ਇੱਕ ਹੋਰ ਗੈਰ-ਸੰਵਿਧਾਨਕ ਕਾਰਵਾਈ ਸੀ।ਜਿਸ ਨੂੰ ਸਹੀ ਢੰਗ ਨਾਲ ਕੁਚਲਿਆ ਗਿਆ ਹੈ।"



ਇਸ ਦੇ ਨਾਲ ਹੀ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਕਿਹਾ, "ਸੰਸਦੀ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਰਾਜਪਾਲ ਨੇ ਵਿਸ਼ੇਸ਼ ਪੰਜਾਬ ਵਿਧਾਨ ਸਭਾ ਸੈਸ਼ਨ ਸੱਦਣ ਤੋਂ ਬਾਅਦ ਆਪਣੀ ਸਹਿਮਤੀ ਵਾਪਸ ਲਈ ਹੈ।ਪੰਜਾਬ ਸਰਕਾਰ ਲਈ ਵੱਡੀ ਨਮੋਸ਼ੀ।ਭਗਵੰਤ ਮਾਨ ਜੀ ਕਿਰਪਾ ਕਰਕੇ ਸ਼ੋਸ਼ੇਬਾਜ਼ੀ ਬੰਦ ਕਰਕੇ ਕੰਮ ਸ਼ੁਰੂ ਕਰੋ।"



ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ, "ਮਾਨਯੋਗ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਤ ਜੀ ਦਾ ਇੱਕ ਦਿਨ ਦਾ ਵਿਧਾਨ ਸਭਾ ਸੈਸ਼ਨ ਵਾਪਸ ਲੈਣ ਦਾ ਫੈਸਲਾ ਸਵਾਗਤਯੋਗ ਹੈ।ਉਨ੍ਹਾਂ ਨੇ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਵਿਧਾਨ ਸਭਾ ਦੇ ਨਿਯਮਾਂ ਨੂੰ ਬਰਕਰਾਰ ਰੱਖਿਆ ਹੈ ਅਤੇ ਅਰਵਿੰਦ ਕੇਜਰੀਵਾਲ ਤੇ ਉਸਦੇ ਪਲਾਇੰਟ ਟੂਲ ਭਗਵੰਤ ਮਾਨ ਨੂੰ ਸਖ਼ਤ ਤਾੜਨਾ ਕੀਤੀ ਹੈ।"



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, "ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ..।"



ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਤੀਜੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵ੍ਹਿਪ ਵੀ ਜਾਰੀ ਕੀਤਾ ਗਿਆ।ਇਸ ਦੇ ਨਾਲ ਹੀ 'ਆਪ' ਦੇ ਸਾਰੇ ਵਿਧਾਇਕਾਂ ਨੂੰ ਵੀ ਸੈਸ਼ਨ 'ਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ।